- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰਦ ਕੇਂਦਰ ਕੰਪਿਊਟਰ ਓਪਰੇਟਰ ਪੰਜਾਬ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਫ਼ਰਦ ਕੇਂਦਰ ਕੰਪਿਊਟਰ ਓਪ੍ਰੇਟਰ ਪੰਜਾਬ ਜੱਥੇਬੰਦੀ ਦੇ ਸੱਦੇ ਮੁਤਾਬਕ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸਮੂਹ ਪੰਜਾਬ ਦੇ ਫ਼ਰਦ ਕੇਂਦਰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਸੱਦੇ ਤਹਿਤ ਫ਼ਰਦ ਕੇਂਦਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਸਮੂਹ ਓਪਰੇਟਰਾਂ ਵੱਲੋਂ ਵੱਖ-ਵੱਖ ਤਹਿਸੀਲਾਂ ਦੇ ਫ਼ਰਦ ਕੇਂਦਰ ਬੰਦ ਕਰਕੇ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਫ਼ਰਦ ਕੇਂਦਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਦੀਪ ਸਿੰਘ ਚਕੇਰੀਆਂ ਨੇ ਦੱਸਿਆ ਕਿ ਸਮੂਹ ਪੰਜਾਬ ਦੇ ਡਾਟਾ ਐਂਟਰੀ ਓਪ੍ਰੇਟਰ ਪਿਛਲੇ 17–18 ਸਾਲਾਂ ਤੋਂ ਫ਼ਰਦ ਕੇਂਦਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਕਿਰਤ ਕਾਨੂੰਨਾਂ ਤੋਂ ਵੀ ਘੱਟ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਓਪਰੇਟਰਾਂ ਨੂੰ ਕੇਵਲ 7000 ਤੋਂ 9200 ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ, ਨਾ ਤਾਂ ਸਮੇਂ ਸਿਰ ਤਨਖ਼ਾਹ ਮਿਲਦੀ ਹੈ ਤੇ ਨਾ ਹੀ ਤਨਖਾਹਾਂ ਵਿੱਚ ਕੋਈ ਵਾਧਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਈ ਓਪ੍ਰੇਟਰਾਂ ਨੂੰ ਨਾ ਤਾਂ ਈਐਸਆਈਸੀ ਕਾਰਡ ਦੀ ਸਹੂਲਤ ਦਿੱਤੀ ਗਈ ਹੈ ਅਤੇ ਨਾ ਹੀ ਈਪੀਐਫ਼ ਲਾਗੂ ਕੀਤਾ ਗਿਆ ਹੈ। ਸੀਐੱਮਐੱਸ ਕੰਪਿਊਟਰਜ਼ ਲਿਮਟਿਡ ਕੰਪਨੀ ਵੱਲੋਂ ਅਕਤੂਬਰ 2024 ਤੋਂ ਇਹ ਪ੍ਰਥਾ ਅਪਣਾਈ ਜਾ ਰਹੀ ਹੈ ਕਿ 2–3 ਮਹੀਨੇ ਕੰਮ ਕਰਵਾ ਕੇ ਕੇਵਲ ਇਕ ਮਹੀਨੇ ਦੀ ਤਨਖ਼ਾਹ ਦਿੱਤੀ ਜਾਂਦੀ ਹੈ। ਜਦੋਂ ਓਪ੍ਰੇਟਰ ਆਪਣੀ ਬਣਦੀ ਤਨਖ਼ਾਹ ਲਈ ਕਲਮ-ਛੋੜ ਹੜਤਾਲ ਕਰਦੇ ਹਨ ਤਾਂ ਕੰਪਨੀ ਵੱਲੋਂ ਉਨ੍ਹਾਂ ਦਿਨਾਂ ਦੀ ਤਨਖ਼ਾਹ ਵੀ ਕੱਟ ਲਈ ਜਾਂਦੀ ਹੈ। ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਪੱਕੀ ਨੀਤੀ ਤਿਆਰ ਨਹੀਂ ਕੀਤੀ। ਸਰਕਾਰ ਵੱਲੋਂ ਨੀਤੀ ਬਣਾਉਣ ਦੇ ਵਾਅਦੇ ਕੀਤੇ ਜਾ ਰਹੇ ਹਨ, ਪਰ ਇਸ ਦੇ ਉਲਟ ਕੰਪਨੀ ਵੱਲੋਂ ਓ੍ਪ੍ਰੇਟਰਾਂ ਨੂੰ 31-03-2026 ਤੋਂ ਕੰਮ ਬੰਦ ਕਰਨ ਦੇ ਸੁਨੇਹੇ ਭੇਜੇ ਗਏ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਨਵਾਂ ਰੁਜ਼ਗਾਰ ਦੇਣ ਦੀ ਬਜਾਏ ਮੌਜੂਦਾ ਰੁਜ਼ਗਾਰ ਵੀ ਖੋਹਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰਾਂ ਦੇ ਡਾਟਾ ਐਂਟਰੀ ਓਪਰੇਟਰ ਮਾਲ ਵਿਭਾਗ ਦੇ ਕੰਮਾਂ ਬਾਰੇ ਪੂਰੀ ਜਾਣਕਾਰੀ ਰੱਖਦੇ ਹਨ, ਇਸ ਲਈ ਸਰਕਾਰ ਵੱਲੋਂ ਉਨ੍ਹਾਂ ਨੂੰ ਪਟਵਾਰੀਆਂ ਜਾਂ ਹੋਰ ਖਾਲੀ ਅਸਾਮੀਆਂ ‘ਤੇ ਭਰਤੀ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਰਕਾਰ ਅੱਗੇ ਮੰਗ ਕੀਤੀ ਗਈ ਕਿ ਦਸੰਬਰ 2025 ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ ਅਤੇ ਉਪਰੋਕਤ ਸਾਰੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਮਜ਼ਬੂਰਨ ਸਰਕਾਰ ਖ਼ਿਲਾਫ਼ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਅਮਰੀਕ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੂਲੋਵਾਲ, ਪੀਆਰਟੀਸੀ ਜ਼ਿਲ੍ਹਾ ਪ੍ਰਧਾਨ ਹਰਤਾਰ ਸ਼ਰਮਾ ਬਠਿੰਡਾ ਅਤੇ ਅਜਮੇਰ ਸਿੰਘ ਇਨਕਲਾਬੀ (ਗੀਤਕਾਰ) ਅਤੇ ਹੋਰ ਜੱਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।