- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ

-ਕੀਤਾ ਪਿੱਟ-ਸਿਆਪਾ, ਚੋਣਾਂ ਵੇਲੇ ਕੀਤਾ ਵਾਅਦਾ ਭੁੱਲ ਬੈਠੀ ‘ਆਪ’ ਦੀ ਸਰਕਾਰ : ਕੁਲਵੰਤ ਰਾਏ ਸਿੰਗਲਾ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਆਰਥਿਕ ਸਹਾਇਤਾ ਦੇਣ ਦੇ ਕੀਤੇ ਵਾਅਦੇ ਨੂੰ ਪੂਰ੍ਹਾ ਨਾ ਕਰਨ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਜਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਵਿੱਚ ਕਾਂਗਰਸੀ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲਿਆ। ਧਰਨੇ ਦੌਰਾਨ ਮਹਿਲਾਵਾਂ ਨੇ ਪੰਜਾਬ ਸਰਕਾਰ ਖਿਲਾਫ ਪਿੱਟ-ਸਿਆਪਾ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ ਅਤੇ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਏ। ਧਰਨੇ ਦੌਰਾਨ ਮੌਜੂਦ ਮਹਿਲਾਵਾਂ ਤੇ ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਨੇ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਸੀ। ਇਸ ਕਾਰਨ ਮਹਿਲਾਵਾਂ ਨੂੰ ਹੁਣ ਚਾਰ ਸਾਲ ਦਾ ਲਗਭਗ 48000 ਰੁਪਏ ਪ੍ਰਤੀ ਮਹਿਲਾ ਬਕਾਇਆ ਬਣਦਾ ਹੈ, ਜੋ ਸਰਕਾਰ ਵੱਲੋਂ ਦੇਣਾ ਚਾਹੀਦਾ ਹੈ। ਇਸ ਮੌਕੇ ਜਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਨੇ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਅਤੇ ਇਹ ਕਿਹਾ ਗਿਆ ਸੀ ਕਿ ਸਰਕਾਰ ਬਣਦੇ ਹੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਤਾਂ ਜੋ ਉਹ ਆਰਥਿਕ ਤੌਰ ‘ਤੇ ਮਜ਼ਬੂਤ ਹੋ ਸਕਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੇ ਵੀ ਇਸ ਵਾਅਦੇ ‘ਤੇ ਭਰੋਸਾ ਕਰਦਿਆਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਦਿੱਤੀਆਂ, ਪਰ ਹੁਣ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਿਆ ਹੈ। ਜੇਕਰ ਸਰਕਾਰ ਵਾਕਈ ਮਹਿਲਾਵਾਂ ਦੀ ਭਲਾਈ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਚਾਰ ਸਾਲਾਂ ਦਾ ਬਕਾਇਆ 48000 ਰੁਪਏ ਹਰ ਮਹਿਲਾ ਨੂੰ ਦਿੱਤਾ ਜਾਣਾ ਚਾਹੀਦਾ ਹੈ। ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਲੱਗੀਆਂ ਹਨ ਤਾਂ ਆਮ ਆਦਮੀ ਪਾਰਟੀ ਦੁਬਾਰਾ ਉਹੀ ਪੁਰਾਣਾ ਵਾਅਦਾ ਕਰਕੇ ਲੋਕਾਂ ਨੂੰ ਭੁਲਾਵਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਸਪੱਸ਼ਟ ਹੈ ਕਿ ਇਹ ਸਿਰਫ਼ ਇੱਕ ਚੋਣੀ ਸਟੰਟ ਹੈ, ਜਿਸ ਰਾਹੀਂ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਬਹੁਤ ਸਮਝਦਾਰ ਹੋ ਚੁੱਕੀਆਂ ਹਨ ਅਤੇ ਉਹ ਝੂਠੇ ਵਾਅਦਿਆਂ ਨਾਲ ਠੱਗੀਆਂ ਨਹੀਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਹਿਲਾਂ ਆਪਣੇ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਚਾਰ ਸਾਲਾਂ ਤੋਂ ਬਕਾਇਆ ਪਿਆ ਪੈਸਾ ਮਹਿਲਾਵਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਕਈ ਹੋਰ ਵਾਅਦੇ ਵੀ ਅਜੇ ਤੱਕ ਪੂਰੇ ਨਹੀਂ ਕੀਤੇ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਮਹਿੰਗਾਈ ਅਤੇ ਕਾਨੂੰਨ-ਵਿਵਸਥਾ ਵਰਗੇ ਮਾਮਲਿਆਂ ਵਿੱਚ ਵੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੇ ਅਨੁਸਾਰ ਪੰਜਾਬ ਵਿੱਚ ਦਿਨੋਂ ਦਿਨ ਅਪਰਾਧ ਵੱਧ ਰਹੇ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਮਹਿਲਾਵਾਂ ਦੇ ਬਕਾਇਆ 48000 ਰੁਪਏ ਦੇਣ ਬਾਰੇ ਕੋਈ ਢੰਗ ਦਾ ਫੈਸਲਾ ਨਾ ਕੀਤਾ ਤਾਂ ਕਾਂਗਰਸ ਪਾਰਟੀ ਵੱਲੋਂ ਇਸ ਮਸਲੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇਗਾ ਅਤੇ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਪੰਜਾਬ ਦੀਆਂ ਮਹਿਲਾਵਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ।
ਧਰਨੇ ਦੌਰਾਨ ਮੌਜੂਦ ਕਾਂਗਰਸੀ ਆਗੂਆਂ ਨੇ ਵੀ ਆਪਣੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਸੁਪਨੇ ਤਾਂ ਬਹੁਤ ਦਿਖਾਏ ਸਨ ਪਰ ਜ਼ਮੀਨੀ ਹਕੀਕਤ ਵਿੱਚ ਕੁਝ ਵੀ ਨਹੀਂ ਕੀਤਾ ਗਿਆ। ਇਸ ਮੌਕੇ ਬਲਕੌਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਵਿੱਕੀ ਚਮਕੌਰ ਸਿੰਘ ਸਿੱਧੂ, ਸੱਤ ਪਾਲ ਸਿੰਘ ਮੂਲੇਵਾਲਾ, ਪ੍ਰਗਟ ਸਿੰਘ, ਹਰਪ੍ਰੀਤ ਸਿੰਘ ਪਿਆਰੀ, ਰਣਜੀਤ ਸਿੰਘ ਦੋਦਰਾ, ਹਰਵਿੰਦਰ ਭਾਰਦਵਾਜ, ਮੈਡਮ ਸਿੱਧੂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਨੇਮ ਚੰਦ, ਅੰਮ੍ਰਿਤ ਪਾਲ ਕੁੱਕਾ, ਬਲਜੀਤ ਸਿੰਘ ਕਿਸਾਨ ਵਿੰਗ, ਜਗਸੀਰ ਸਿੰਘ ਜੱਗਾ, ਡਾ. ਮਨਜੀਤ ਰਾਣਾ, ਸਤਗੁਰ ਸਿੰਘ, ਤਰਜੀਤ ਚਾਹਲ, ਮਨਦੀਪ ਗੋਰਾ, ਚੰਦਰ ਸ਼ੇਖਰ ਨੰਦੀ, ਸਵਰਨ ਖੁਡਾਲ, ਸਤਗੁਰ ਸਿੰਘ ਜਲਵੇੜਾ, ਗੁਰਮੀਤ ਬਾਬਾ, ਕੁਲਵੀਰ ਸਿੰਘ, ਗੁਰਸੇਵਕ ਸਿੰਘ, ਰਵੀ ਰੁਪਾਲ, ਲਛਮਣ ਲੱਖਿਆ, ਸੁਰੇਸ਼ ਸ਼ਰਮਾ ਆਪਣੇ ਸੰਬੋਧਨ ਦੌਰਾਨ ਕਿਹਾ ਕਿ ‘ਆਪ’ ਦੀ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਚਾਹੇ ਗੱਲ ਕਿਸਾਨਾਂ ਦੀ ਹੋਵੇ, ਨੌਜਵਾਨਾਂ ਦੀ ਹੋਵੇ ਜਾਂ ਮਹਿਲਾਵਾਂ ਦੀ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਵੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਸਰਕਾਰ ਕੋਲ ਕੋਈ ਢੰਗ ਦੀ ਯੋਜਨਾ ਨਹੀਂ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਧਰਨੇ ਦੌਰਾਨ ਮਹਿਲਾਵਾਂ ਨੇ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਸਰਕਾਰ ਦੇ ਵਾਅਦੇ ‘ਤੇ ਭਰੋਸਾ ਕਰਕੇ ਵੋਟ ਪਾਈ ਸੀ ਪਰ ਹੁਣ ਉਨ੍ਹਾਂ ਨੂੰ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਹੋ ਰਿਹਾ ਹੈ। ਧਰਨੇ ਦੇ ਅੰਤ ’ਚ ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਹਿਲਾਵਾਂ ਨੂੰ ਬਣਦਾ ਬਕਾਇਆ 48000 ਰੁਪਏ ਨਹੀਂ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਭਰ ਵਿੱਚ ਸਰਕਾਰ ਖਿਲਾਫ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਸੁਰੇਸ਼ ਨੰਦਗੜ੍ਹੀਆ, ਮਨਦੀਪ ਸਿੰਘ ਗੋਰਾ, ਚੋਧਰੀ ਨੇਮ ਚੰਦ, ਲਾਜਪਤ ਰਾਏ ਸ਼ਰਮਾ, ਵਿਨੌਦ ਕੁਮਾਰ ਸਿੰਗਲਾ ਐਡਵੋਕੇਟ, ਮਨੋਜ ਕੁਮਾਰ ਸਿੰਗਲਾ, ਸੰਦੀਪ ਮਹਿਤਾ, ਨੀਟਾ ਜੋਸ਼ੀ, ਵਿਨੋਦ ਗਾਂਧੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਮਹਿਲਾਵਾਂ ਹਾਜ਼ਰ ਸਨ।