ਮੋਦੀ, ਅਮਿਤ ਸ਼ਾਹ, ਸਿੱਖਿਆ ਮੰਤਰੀ ਤੇ ਭਗਵੰਤ ਮਾਨ ਦੇ ਅਸਤੀਫ਼ਿਆਂ ਦੀ ਮੰਗ, ਕਾਂਗਰਸ ਨੇ ਫੂਕੀ ਅਰਥੀ ਕਾਂਗਰਸੀ ਆਗੂ ਕੇਂਦਰ
Publish Date: Wed, 22 Jul 2026 07:31 PM (IST)
Updated Date: Thu, 23 Jul 2026 04:08 AM (IST)
* ਸਰਕਾਰ ਲੋਕਾਂ ਦੀ ਅਵਾਜ਼ ਪੁਲਿਸ ਲਾਠੀਆਂ ਨਾਲ ਚਾਹੁੰਦੀ ਹੈ ਦਬਾਉਣਾ : ਕੁਲਵੰਤ ਰਾਏ ਸਿੰਗਲਾ ਫ਼ੋਟੋ : 27 ਐਮਏਐਨ ਕੈਪਸ਼ਨ : ਕਾਂਗਰਸੀ ਆਗੂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜਤਾਉਂਦੇ ਹੋਏ। ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਨਵੀਂ ਦਿੱਲੀ ਦੇ ਜੰਤਰ ਮੰਤਰ ਰੋਡ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕੀਤੇ ਗਏ ਲਾਠੀਚਾਰਜ ਤੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਖਨੌਰੀ ਸਰਹੱਦ ’ਤੇ ਰੋਕਣ ਦੀ ਕਾਰਵਾਈ ਨੂੰ ਲੋਕਤੰਤਰ ‘ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਮੰਗਲਵਾਰ ਨੂੰ ਬੁਢਲਾਡਾ ਸਥਿਤ ਕਾਂਗਰਸ ਭਵਨ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਾਤਮਕ ਅਰਥੀ ਫੂਕੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜਿੱਥੇ ਹਰ ਨਾਗਰਿਕ ਨੂੰ ਸੰਵਿਧਾਨ ਵੱਲੋਂ ਆਪਣੀ ਗੱਲ ਕਹਿਣ, ਸ਼ਾਂਤਮਈ ਪ੍ਰਦਰਸ਼ਨ ਕਰਨ ਅਤੇ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ। ਪਰ ਮੌਜੂਦਾ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਪੁਲਿਸ ਦੀਆਂ ਲਾਠੀਆਂ ਨਾਲ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ ਉਪਰ ਲਾਠੀਚਾਰਜ ਕਰਨਾ ਬਹੁਤ ਹੀ ਮੰਦਭਾਗਾ, ਨਿੰਦਣਯੋਗ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਕਦਮ ਹੈ। ਸਿੰਗਲਾ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਆਪਣੇ ਭਵਿੱਖ, ਰੁਜ਼ਗਾਰ ਅਤੇ ਸਿੱਖਿਆ ਪ੍ਰਣਾਲੀ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕਰ ਰਿਹਾ ਹੈ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਕਰਨ ਦੀ ਬਜਾਏ ਦਮਨਕਾਰੀ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲਾ ਦਿੱਤਾ ਹੈ। ਅਜਿਹੇ ਹਾਲਾਤਾਂ ਵਿੱਚ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੇਪਰ ਲੀਕ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਕਾਰਨ ਕੇਂਦਰੀ ਸਿੱਖਿਆ ਮੰਤਰੀ ਨੂੰ ਵੀ ਆਪਣੇ ਅਹੁੱਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ, ਕਿਉਂਕਿ ਸਰਕਾਰ ਵਿਦਿਆਰਥੀਆਂ ਦਾ ਭਰੋਸਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਕਿਸਾਨਾਂ ਦੇ ਮੁੱਦੇ ’ਤੇ ਬੋਲਦਿਆਂ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕਿਸਾਨ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਸਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਖਨੌਰੀ ਬਾਰਡਰ ’ਤੇ ਹੀ ਰੋਕ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਜਮਹੂਰੀ ਅਧਿਕਾਰਾਂ ਦਾ ਹਨਨ ਕਰਦਿਆਂ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਤੋਂ ਰੋਕਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਆਪਣੇ ਆਪ ਨੂੰ ਕਿਸਾਨਾਂ ਦੀ ਹਮਾਇਤੀ ਦੱਸਿਆ ਸੀ, ਉਹੀ ਅੱਜ ਕਿਸਾਨਾਂ ਦੇ ਰਾਹ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨਾਲ ਕੀਤੀ ਇਸ ਕਾਰਵਾਈ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਸੌਂਪੀ ਸੀ ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਅੱਗੇ ਵੀ ਹਰ ਜਮਹੂਰੀ ਸੰਘਰਸ਼ ਵਿੱਚ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਜੇਕਰ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਲੋਕਾਂ ਦੀ ਆਵਾਜ਼ ਦਬਾਉਣ ਦੀ ਨੀਤੀ ਜਾਰੀ ਰੱਖੀ ਤਾਂ ਕਾਂਗਰਸ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਵਿਦਿਆਰਥੀਆਂ ਅਤੇ ਕਿਸਾਨਾਂ ਨਾਲ ਕੀਤੀ ਗਈ ਸਖ਼ਤੀ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲਾਠੀ ਅਤੇ ਜ਼ਬਰ ਦੀ ਕੋਈ ਥਾਂ ਨਹੀਂ ਹੁੰਦੀ ਅਤੇ ਸਰਕਾਰਾਂ ਨੂੰ ਲੋਕਾਂ ਦੀ ਆਵਾਜ਼ ਸੁਣ ਕੇ ਸੰਵਾਦ ਰਾਹੀਂ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ ਹੈ। ਪ੍ਰਦਰਸ਼ਨ ਦੇ ਅੰਤ ਵਿੱਚ ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਦਿਆਰਥੀਆਂ, ਕਿਸਾਨਾਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਹੋਰ ਵੱਡੇ ਪੱਧਰ ’ਤੇ ਸੰਘਰਸ਼ ਵਿੱਢੇਗੀ। ਇਸ ਸਮੇਂ ਹਰਬੰਸ ਸਿੰਘ ਖਿੱਪਲ, ਸਤਪਾਲ ਸਿੰਘ ਮੂਲੇਵਾਲਾ , ਗੁਰਪ੍ਰੀਤ ਸਿੰਘ ਵਿੱਕੀ, ਰਜਿੰਦਰ ਸਿੰਘ ਕੋਹਲੀ, ਬਲਜੀਤ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ ਸਵੀਟੀ, ਧਰਮਪਾਲ ਸਿੰਗਲਾ, ਮਨੀਸ਼ ਕੁਮਾਰ ਗੋਇਲ, ਯਸ਼ ਪਾਲ ਵੀ ਹਾਜ਼ਰ ਸਨ।