ਮਨਰੇਗਾ ਦਾ ਨਾਂ ਬਦਲਣ ਤੇ ਕਾਂਗਰਸ ਨੇ ਕੇਂਦਰ ਖ਼ਿਲਾਫ਼ ਜਤਾਇਆ ਰੋਸ
ਸਥਾਨਕ ਕਾਂਗਰਸ ਭਵਨ ਵਿਖੇ ਕਾਂਗਰਸ ਪਾਰਟੀ
Publish Date: Tue, 06 Jan 2026 07:32 PM (IST)
Updated Date: Wed, 07 Jan 2026 04:06 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਸਥਾਨਕ ਕਾਂਗਰਸ ਭਵਨ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਮਨਰੇਗਾ ਸਕੀਮ ਦਾ ਨਾਂ ਬਦਲਣ ਦੇ ਫ਼ੈਸਲੇ ਖ਼ਿਲਾਫ਼ ਮੀਟਿੰਗ ਕੀਤੀ ਗਈ। ਮੀਟਿੰਗ ਬਾਅਦ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਰੋਸ ਮਾਰਚ ਕੱਢਿਆ। ਰੋਸ ਮਾਰਚ ਆਈਟੀਆਈ ਚੌਂਕ ਵਿਖੇ ਪਹੁੰਚ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਵਰਕਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਗਰੀਬਾਂ ਨਾਲ ਜੁੜੀ ਮਨਰੇਗਾ ਸਕੀਮ ਨਾਲ ਛੇੜਛਾੜ ਕਰ ਰਹੀ ਹੈ ਅਤੇ ਮਜ਼ਦੂਰਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਜਾ ਰਿਹਾ ਹੈ। ਇਸ ਮੌਕੇ ਤੇ ਸੀਨੀਅਰ ਕਾਂਗਰਸੀ ਤੀਰਥ ਸਿੰਘ ਸਵੀਟੀ ਤੇ ਜਗਤਾਰ ਸਿੰਘ ਗੁੜ੍ਹੱਦੀ ਨੇ ਕਿਹਾ ਕਿ ਮਨਰੇਗਾ ਸਕੀਮ ਗਰੀਬ ਮਜ਼ਦੂਰਾਂ ਦੀ ਜੀਵਨ ਰੇਖਾ ਹੈ। ਇਸਦਾ ਨਾਂ ਬਦਲਣਾ ਜਾਂ ਇਸਨੂੰ ਕਮਜ਼ੋਰ ਕਰਨਾ ਗਰੀਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਕਾਂਗਰਸ ਪਾਰਟੀ ਇਹ ਫ਼ੈਸਲਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਮਨਰੇਗਾ ਅਧੀਨ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ, ਜਿਸ ਦੇ ਨਾਂਅ ਨਾਲ ਛੇੜਛਾੜ ਕਰਨਾ ਨਿੰਦਣਯੋਗ ਹੈ। ਯੂਥ ਕਾਂਗਰਸ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਮਨਰੇਗਾ ਸਕੀਮ ਨੂੰ ਲੈ ਕੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।