ਸਟਾਫ ਰਿਪੋਰਟਰ, ਮਾਨਸਾ : ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਵਿਖੇ ਕੋਰੋਨਾ ਪਾਜ਼ੇਟਿਵ ਵਿਅਕਤੀ ਇਲਾਜ ਤੋਂ ਬਾਅਦ ਐਤਵਾਰ ਨੂੰ 8 ਕੋਰੋਨਾ ਪਾਜ਼ੇਟਿਵ ਵਿਅਕਤੀ ਸਿਹਤਯਾਬ ਹੋਣ ਉਪਰੰਤ ਘਰ ਨੂੰ ਪਰਤ ਗਏ ਹਨ, ਜਿਨ੍ਹਾਂ ਵਿੱਚ ਇਕ 8 ਸਾਲ ਦਾ ਛੋਟਾ ਬੱਚਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 127 ਕੋਰੋਨਾ ਪਾਜ਼ੇਟਿਵ ਕੇਸ ਸਨ, ਜਿਨ੍ਹਾਂ 'ਚੋਂ 90 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਅਤੇ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦੇ 37 ਅਕੈਟਿਵ ਮਰੀਜ਼ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ਼ ਚੱਲ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਰੋਨਾ ਦੀ ਬੀਮਾਰੀ ਤੋਂ ਲੋਕਾਂ ਨੂੰ ਬਚਾਈ ਰੱਖਣ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਇਨ੍ਹਾਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਦਾ ਮੈਡੀਕਲ ਮੁਆਇਨਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲ੍ਹਾ ਸੈਂਪਲਿੰਗ ਟੀਮ ਵੱਲੋਂ ਕੋੋਰੋਨਾ ਦੇ ਸ਼ੱਕੀ ਵਿਅਕਤੀਆਂ ਦੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ ਤੇ ਹੁਣ ਤਕ 18 ਹਜ਼ਾਰ ਤੋਂ ਵੀ ਵਧੇਰੇ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਭਾਰਤ ਦੇ ਨਾਲ-ਨਾਲ ਸਮੂਹ ਵਿਸ਼ਵ ਦੇ ਵਿਗਿਆਨੀਆਂ ਵੱਲੋਂ ਖੋਜਾਂ ਕੀਤੀਆਂ ਜਾ ਰਹੀਆਂ ਹਨ, ਪਰ ਜਦੋਂ ਤੱਕ ਇਸ ਦੇ ਇਲਾਜ਼ ਲਈ ਦਵਾਈ ਤਿਆਰ ਨਹੀਂ ਹੁੰਦੀ ਉਦੋਂ ਤਕ ਸਰਕਾਰ ਵੱਲੋਂ ਦੱਸੀਆਂ ਜਾਂਦੀਆਂ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਕੇ ਹੀ ਇਸ ਮਹਾਮਾਰੀ ਤੋਂ ਖੁਦ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ, ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦਰਮਿਆਨ ਨਿਰਧਾਰਤ ਦੂਰੀ ਬਣਾਏ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਧੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫਲ-ਸਬਜ਼ੀਆਂ ਨੂੰ ਵਰਤੋਂ ਵਿੱਚ ਲਿਆਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ।