ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰ ਕੇ ਮੁਆਵਜ਼ਾ ਦੇਵੇ ਸਰਕਾਰ : ਭੈਣੀ ਬਾਘਾ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ
Publish Date: Fri, 03 Apr 2026 06:39 PM (IST)
Updated Date: Sat, 04 Apr 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਮਾਨਸਾ ਦੇ ਆਗੂ ਜਗਦੇਵ ਸਿੰਘ ਭੈਣੀ ਬਾਘਾ ਨੇ ਪੰਜਾਬ ਸਰਕਾਰ ਕੋਲੋਂ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਖੇਤੀਬਾੜੀ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਕੁਦਰਤੀ ਆਫ਼ਤ ਕਾਰਨ ਕਣਕ, ਸਰੋਂ ਤੇ ਹੋਰ ਖੜ੍ਹੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਨਾਜ਼ੁਕ ਹੋ ਗਈ ਹੈ। ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪਹਿਲਾਂ ਹੀ ਕਰਜ਼ੇ ਹੇਠ ਦੱਬੇ ਕਿਸਾਨਾਂ ਲਈ ਇਹ ਨੁਕਸਾਨ ਇੱਕ ਵੱਡਾ ਝਟਕਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਖੇਤਰਾਂ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲੱਗ ਸਕੇ ਅਤੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਹੀਂ ਕਰਨੀ ਚਾਹੀਦੀ, ਕਿਉਂਕਿ ਕਿਸਾਨਾਂ ਦੀ ਜੀਵਿਕਾ ਸਿੱਧੇ ਤੌਰ ’ਤੇ ਫਸਲਾਂ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਕਾਰਵਾਈ ਨਾ ਕੀਤੀ, ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਦਰਦ ਨੂੰ ਸਮਝਦੇ ਹੋਏ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਕੁਝ ਹੱਦ ਤੱਕ ਸਹਾਰਾ ਮਿਲ ਸਕੇ।