ਡੀਸੀ ਤੇ ਐੱਸਐੱਸਪੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਵਾਤਾਵਰਨ ਪੱਖੀ ਪ੍ਰਬੰਧਨ ਦਾ ਸੱਦਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ
Publish Date: Wed, 11 Nov 2026 05:22 PM (IST)
Updated Date: Wed, 11 Nov 2026 05:24 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਵਾਤਾਵਰਨ ਪੱਖੀ ਪ੍ਰਬੰਧਨ ਦਾ ਸੱਦਾ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜੇ ਲਈ ਕਿਸਾਨਾਂ, ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ’ਤੇ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ ਤੇ ਕਿਸਾਨ ਇਨ੍ਹਾਂ ਸੰਦਾਂ ਦੀ ਮਦਦ ਨਾਲ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਨੂੰ ਯਕੀਨੀ ਬਣਾਉਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸਐਸਪੀ ਵੈਭਵ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਐਸਪੀ ਹਿਨਾ ਗੁਪਤਾ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਝੋਨੇ ਦੀ ਪਰਾਲੀ ਸਾੜਨ ਤੇ ਸਖ਼ਤ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਨੂੰ ਜ਼ਿਲ੍ਹਾ ਮਾਨਸਾ ਵਿਚ ਇੰਨ ਬਿੰਨ ਲਾਗੂ ਕਰਨ ਲਈ ਕਿਸਾਨਾਂ ਦਾ ਸਹਿਯੋਗ ਜਰੂਰੀ ਹੈ। ਡੀਸੀ ਨਵਜੋਤ ਕੌਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਿਰਫ਼ ਕਾਨੂੰਨ ਦੀ ਉਲੰਘਣਾ ਹੀ ਨਹੀਂ ਹੁੰਦੀ, ਸਗੋਂ ਇਸ ਦੇ ਕਈ ਭਿਆਨਕ ਅਤੇ ਜਾਨਲੇਵਾ ਨਤੀਜੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਧੂੰਆਂ ਸਾਹ ਪ੍ਰਣਾਲੀ ਲਈ ਬਹੁਤ ਖ਼ਤਰਨਾਕ ਹੈ, ਜਿਸ ਨਾਲ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਵਾਲੇ ਲੋਕਾਂ ਲਈ ਵੱਡਾ ਸੰਕਟ ਪੈਦਾ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਿਆਪਕ ਰਣਨੀਤੀ ਅਪਣਾ ਰਿਹਾ ਹੈ ਜਿਸ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਹੈ। ਉਨ੍ਹਾਂ ਨੇ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਤੇ ਖੇਤੀ ਵਿਕਾਸ ਅਫਸਰਾਂ ਨੂੰ ਪਿੰਡਾਂ ਵਿੱਚ ਮੁਸਤੈਦੀ ਵਧਾਉਣ ਦੀ ਹਦਾਇਤ ਕੀਤੀ। ਐਸਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗਸ਼ਤ ਵਧਾਈ ਹੋਈ ਹੈ ਅਤੇ ਰਹਿੰਦ ਖੂਹੰਦ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਥਾਣਾ ਮੁਖੀਆਂ ਦੀ ਅਗਵਾਈ ਹੇਠ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਪੁਲਿਸ ਪ੍ਰਸ਼ਾਸਨ ਦੀਆਂ ਚੌਕਸੀ ਟੀਮਾਂ ਕਿਸਾਨਾਂ ਨੂੰ ਲਗਾਤਾਰ ਪਰਾਲੀ ਸੰਭਾਲਣ ਲਈ ਪ੍ਰੇਰਿਤ ਕਰ ਰਹੀਆਂ ਹਨ ਅਤੇ ਇਸ ਦੇ ਸੁਖਾਵੇਂ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਰੁਝਾਨ ਨੂੰ ਸਖਤੀ ਨਾਲ ਠੱਲ ਪਾਉਣ ਲਈ ਚੌਕਸੀ ਵਜੋਂ ਡਰੋਨਾਂ ਨਾਲ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ, ਐਸਡੀਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨ ਸਿੰਘ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।