ਹਰਕ੍ਰਿਸ਼ਨ ਸ਼ਰਮਾ, ਮਾਨਸਾ : ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵਰਕਰਾਂ ਨੇ ਆਪਣੇ ਮਸਲਿਆਂ ਦੇ ਹੱਲ ਨਾ ਹੋਣ ਦੇ ਕਾਰਨ ਰੋਸ ਵਜੋਂ ਅੱਜ ਡੀ ਸੀ ਚੌਕ ਮਾਨਸਾ ਚ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੇ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਜਦੋਂਕਿ ਕਈ ਲੋਕ ਇਸ ਧਰਨਾ ਲੱਗਣ ਦੌਰਾਨ ਲੰਘਣ ਸਮੇਂ ਯੂਨੀਅਨ ਆਗੂਆਂ ਤੇ ਪੁਲਸ ਮੁਲਾਜ਼ਮਾਂ ਨਾਲ ਖਹਿਬੜਦੇ ਵੀ ਦਿਖੇ। ਇਸ ਦੇ ਨਾਲ ਹੀ ਆਗੂਆਂ ਨੇ ਜਲਦ ਮੰਗਾਂ ਨਾ ਮੰਨੇ ਜਾਣ ਤੇ ਇਸ ਸੰਘਰਸ਼ ਨੂੰ ਹੋਰ ਜ਼ਿਆਦਾ ਤੇਜ਼ ਕਰਨ ਦਾ ਐਲਾਨ ਕਰ ਦਿੱਤਾ।

ਧਰਨੇ ਦੌਰਾਨ ਮਾਨਸਾ ਪ੍ਰਧਾਨ ਬਲਵਿੰਦਰ ਕੌਰ, ਰਾਜਬੀਰ ਕੌਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਗਾਤਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਲਾਰਾ ਲਗਾਇਆ ਜਾ ਰਿਹਾ ਹੈ ਪਰ ਅਜੇ ਤੱਕ ਉਨ੍ਹਾਂ ਦੇ ਕੋਈ ਮਸਲੇ ਹੱਲ ਨਹੀਂ ਕੀਤੇ ਗਏ। ਘਰ ਘਰ ਚੱਲੀ ਇਹੋ ਗੱਲ ਚੰਨੀ ਕਰਦਾ ਮਸਲੇ ਹੱਲ ਨੂੰ ਝੂਠਾ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਮ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦੋਂ ਕਿ ਕੋਈ ਵੀ ਮਸਲੇ ਆਮ ਲੋਕਾਂ ਦੇ ਹੱਲ ਨਹੀਂ ਹੋ ਰਹੇ ਹਨ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਾਜ਼ਰੀ ਯਕੀਨੀ ਬਣਾਈ ਜਾਵੇ, ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ ਅਤੇ ਸਾਰੇ ਮਸਲੇ ਜਲਦ ਤੋਂ ਜਲਦ ਹੱਲ ਕੀਤੇ ਜਾਣ। ਜੇਕਰ ਆਉਣ ਵਾਲੇ ਦਿਨਾਂ ਵਿਚ ਇਹ ਮਸਲੇ ਹੱਲ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮੰਗਲਵਾਰ ਮਾਨਸਾ ਕੈਂਚੀਆਂ ਤੇ ਜਾਮ ਲਗਾਇਆ ਜਾਵੇਗਾ।

Posted By: Seema Anand