ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ’ਚ ਨਹੀਂ ਹੋਵੇਗੀ ਢਿੱਲਮੱਠ : ਡੀਸੀ
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹਾ
Publish Date: Mon, 06 Apr 2026 06:57 PM (IST)
Updated Date: Tue, 07 Apr 2026 04:08 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮੀਟਿੰਗ ਕਰਦਿਆਂ ਕਣਕ ਦੇ ਮੌਜੂਦਾ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਾਫ਼ ਸਫ਼ਾਈ, ਬਿਜਲੀ ਦੀ ਰੌਸ਼ਨੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਉਪਲੱਬਧਤਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਮੁੱਚੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਆਪਣੇ-ਆਪਣੇ ਖੇਤਰਾਂ ਦੀਆਂ ਮੰਡੀਆਂ ਦੀ ਨਿਯਮਿਤ ਨਿਗਰਾਨੀ ਕਰਨਗੇ ਤਾਂ ਜੋ ਕਿਸਾਨਾਂ ਦੀ ਫ਼ਸਲ ਦੀ ਤੁਲਾਈ, ਚੁਕਾਈ ਅਤੇ ਅਦਾਇਗੀ ਸਮੇਂ ਸਿਰ ਹੋ ਸਕੇ। ਡੀਸੀ ਨਵਜੋਤ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖ਼ੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲਬਧਤਾ ਸਮੇਂ ਸਿਰ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕੀ ਅਤੇ ਸਾਫ਼ ਕਣਕ ਹੀ ਲੈ ਕੇ ਆਉਣ ਤਾਂ ਜੋ ਨਮੀ ਦੀ ਮਾਤਰਾ ਨਿਰਧਾਰਿਤ ਹੱਦ ਦੇ ਅੰਦਰ ਰਹੇ ਅਤੇ ਖ਼ਰੀਦ ਤੁਰੰਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਖ਼ਰੀਦੀ ਗਈ ਕਣਕ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਮੰਡੀਆਂ ਵਿੱਚ ਤਰਪਾਲਾਂ ਅਤੇ ਪੁਖ਼ਤਾ ਸਟੋਰੇਜ਼ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ ਗਏ ਹਨ। ਡੀਸੀ ਵੱਲੋਂ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਗਿਆ ਹੈ ਕਿ ਉਹ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਇਸ ਮੌਕੇ ਏਡੀਸੀ ਅਨੁਪ੍ਰਿਤਾ ਜੌਹਲ , ਡੀਐਫਐਸਸੀ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾਂ ਸਮੇਤ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ।