ਭੱਠਾ ਮਜ਼ਦੂਰਾਂ ਨੇ ਲਾਇਆ ਡੀਸੀ ਦਫ਼ਤਰ ਅੱਗੇ ਧਰਨਾ
ਇੱਟ, ਭੱਠਾ ਮਜ਼ਦੂਰਾਂ
Publish Date: Wed, 18 Feb 2026 08:43 PM (IST)
Updated Date: Thu, 19 Feb 2026 04:10 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਇੱਟ, ਭੱਠਾ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੁੰ ਲੈ ਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਸੰਗਰੂਰ, ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ’ਚ ਮਜ਼ਦੂਰ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਮਾਨਸਾ ਵਿੱਚ ਮਜ਼ਦੂਰ ਅਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਚਾਰ ਜ਼ਿਲ੍ਹਿਆਂ ਦੇ ਇੱਟਾ, ਭੱਠਾ ਮਜ਼ਦੂਰ ਅੱਜ ਟ੍ਰੈਕਟਰ ਟ੍ਰਾਲੀਆਂ ਦੇ ਨਾਲ ਜ਼ਿਲ੍ਹਾ ਕਚਹਿਰੀ ਵਿਖੇ ਪਹੁੰਚੇ ਅਤੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ। ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਪੂਰ੍ਹੇ ਪੰਜਾਬ ਵਿੱਚ ਭੱਠਾ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਪੂਰ੍ਹਾ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ। ਭੱਠਿਆਂ ’ਤੇ ਪੀਣ ਦੇ ਪਾਣੀ ਵਰਗੀਆਂ ਸਹੂਲਤਾਂ ਵੀ ਉਪਲੱਬਧ ਨਹੀਂ ਹਨ। ਮਜ਼ਦੂਰ ਆਗੂ ਕੁਲਦੀਪ ਸਿੰਘ ਕੋਟਧਰਮੂ ਨੇ ਕਿਹਾ ਕਿ ਲੰਬੇ ਸਮੇਂ ਤੋਂ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈ ਕ ਪ੍ਰਦਰਸ਼ਨ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਗਏ ਪਰ ਹੁਣ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਅਜੇ ਤੱਕ ਹੱਲ ਨਹੀਂ ਕੀਤੀਆਂ ਗਈਆਂ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੁਰ੍ਹੇ ਪੰਜਾਬ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮਜ਼ਦੂਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਕੁੱਝ ਭੱਠਾ ਮਾਲਕ ਉਨ੍ਹਾਂ ਨੂੰ ਕੰਮ ਤੋਂ ਹਟਾਉਣਾ ਤੇ ਝੂਠੇ ਮਾਮਲੇ ਦਰਜ ਕਰਵਾਉਣ ਦੀਆਂ ਧਮਕੀਆਂ ਦੇ ਰਹੇ ਹਨ। ਨਾਲ ਹੀ ਧਰਨਿਆਂ ਵਿੱਚ ਸ਼ਾਮਲ ਹੋਣ ਤੋਂ ਵੀ ਰੋਕ ਰਹੇ ਹਨ। ਇਸ ਦੇ ਬਾਵਜੂਦ ਮਜ਼ਦੂਰਾਂ ਨੇ ਕਿਹਾ ਕਿ ਉਹ ਆਪਣੇ ਹੱਕਾਂ ਦੀ ਲੜਾਈ ਜਾਰੀ ਰੱਖਣਗੇ।