ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ‘ਨਵੇਂ ਦਿਸਹੱਦੇ-2026’ ਦਾ ਪੋਸਟਰ ਕੀਤਾ ਜਾਰੀ ਸਿੱਖਿਆ ਅਤੇ ਕਲਾ ਮੰਚ ਪੰਜਾਬ
Publish Date: Sat, 28 Nov 2026 05:39 PM (IST)
Updated Date: Sat, 28 Nov 2026 05:41 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਿੱਖਿਆ ਅਤੇ ਕਲਾ ਮੰਚ ਪੰਜਾਬ ਵੱਲੋਂ 13 ਅਤੇ 14 ਦਸੰਬਰ ਨੂੰ ਮਾਨਸਾ ਦੇ ਗਊਸ਼ਾਲਾ ਭਵਨ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਰਾਜ ਪੱਧਰੀ ਕਲਾ ਮੁਕਾਬਲਿਆਂ ‘ਨਵੇਂ ਦਿਸਹੱਦੇ-2026’ ਦਾ ਪੋਸਟਰ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸਐੱਸਪੀ ਵੈਭਵ ਚੌਧਰੀ ਮਾਨਸਾ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਕਲਾਤਮਕ ਅਤੇ ਸਿਰਜਣਾਤਮਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਅਜਿਹੇ ਉਪਰਾਲੇ ਸਮੇਂ ਦੀ ਲੋੜ ਹਨ। ਇਸ ਨਾਲ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਸੂਬਾ ਪੱਧਰ ’ਤੇ ਆਪਣੀ ਪਛਾਣ ਬਣਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਸਮਾਗਮ ਵਿੱਚ ਪੰਜਾਬ ਭਰ ਤੋਂ ਪਹੁੰਚਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ। ਮੰਚ ਦੇ ਚੇਅਰਮੈਨ ਐਡਵੋਕੇਟ ਡਾ ਸੰਦੀਪ ਘੰਡ, ਪ੍ਰਧਾਨ ਹਰਦੀਪ ਸਿੱਧੂ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸ਼ਰਮਾ, ਜ਼ਿਲ੍ਹਾ ਨੋਡਲ ਹਰਜੀਵਨ ਸਰਾਂ ਅਤੇ ਮੰਚ ਦੇ ਵਿਸ਼ੇਸ਼ ਸਹਿਯੋਗੀ ਸੀਨੀਅਰ ਐਡਵੋਕੇਟ ਵਿਜੈ ਸਿੰਗਲਾ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਮੂਲੀਅਤ ਦੀ ਉਮੀਦ ਹੈ। ਮੁਕਾਬਲਿਆਂ ਵਿੱਚ ਸ਼ਬਦ ਗਾਇਨ, ਕਵਿਤਾ ਉਚਾਰਨ, ਭਾਸ਼ਣ, ਲੋਕ ਗੀਤ, ਕਵੀਸ਼ਰੀ, ਸੁੰਦਰ ਲਿਖਾਈ, ਚਿੱਤਰਕਾਰੀ, ਸੋਲੋ ਡਾਂਸ, ਗਿੱਧਾ, ਭੰਗੜਾ ਤੇ ਕੋਰੀਓਗ੍ਰਾਫੀ ਸਮੇਤ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਕਰਵਾਏ ਜਾਣਗੇ।