ਗੈਸ ਖ਼ਪਤਕਾਰ ਆਨਲਾਈਨ ਬੁਕਿੰਗ ਕਰਵਾਉਣ, ਘਰਾਂ ’ਚ ਹੋਵੇਗੀ ਸਪਲਾਈ : ਡੀਸੀ
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸ਼ਾਮ,
Publish Date: Fri, 27 Mar 2026 08:43 PM (IST)
Updated Date: Sat, 28 Mar 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸ਼ਾਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਗੈਸ ਕੰਪਨੀਆਂ ਦੇ ਸੇਲਜ਼ ਅਫ਼ਸਰਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਬਾਰੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਰਸੋਈ ਗੈਸ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਅਤੇ ਖ਼ਪਤਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸਪਲਾਈ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਗੈਸ ਸਪਲਾਈ ਪ੍ਰਾਪਤ ਕਰਨ ਵਿੱਚ ਕੋਈ ਬੇਲੋੜੀ ਦੇਰੀ ਜਾਂ ਵਿਘਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਕੰਪਨੀ ਜਾਂ ਏਜੰਸੀ ਨਿਰਧਾਰਿਤ ਸਮਾਂ ਸੀਮਾ ਤਹਿਤ ਸਪਲਾਈ ਵਿੱਚ ਢਿੱਲ ਵਰਤਦੀ ਹੈ, ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਰਜਿਸਟਰਡ ਮੋਬਾਈਲ ਨੰਬਰ ਰਾਹੀਂ ਆਨਲਾਈਨ ਬੁਕਿੰਗ ਨੂੰ ਪਹਿਲ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਆਨਲਾਈਨ ਬੁਕਿੰਗ ਹੋਣ 'ਤੇ ਨਿਰਧਾਰਤ ਸਮੇਂ ਅਨੁਸਾਰ ਗੈਸ ਕੰਪਨੀਆਂ ਵੱਲੋਂ ਸਿਲੰਡਰ ਦੀ ਹੋਮ ਡਿਲੀਵਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਮੀਟਿੰਗ ਵਿੱਚ ਹਾਜ਼ਰ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਗੈਸ ਦਾ ਲੋੜੀਂਦਾ ਸਟਾਕ ਮੌਜੂਦ ਹੈ ਅਤੇ ਸਪਲਾਈ ਚੇਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਬਲਜੀਤ ਸਿੰਘ ਵੀ ਹਾਜ਼ਰ ਸਨ, ਜਿਨ੍ਹਾਂ ਨੇ ਜ਼ਿਲ੍ਹੇ ਵਿੱਚ ਸਪਲਾਈ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।