ਲਾਇਬ੍ਰੇਰੀ ਲਈ ਢੁੱਕਵੀਂ ਥਾਂ ਚੁਣਨ ਲਈ ਬਣੇਗੀ ਜ਼ਿਲ੍ਹਾ ਪੱਧਰੀ ਕਮੇਟੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ
Publish Date: Mon, 02 Feb 2026 06:44 PM (IST)
Updated Date: Tue, 03 Feb 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੂਬੇ ਵਿੱਚ ‘ਪੁਸਤਕ ਸੱਭਿਆਚਾਰ’ ਨੂੰ ਪ੍ਰਫੁੱਲਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਇੱਕ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ। ਇਸ ਤਹਿਤ ਮਾਨਸਾ ਸ਼ਹਿਰ ਵਿਚ ਇੱਕ ਆਧੁਨਿਕ ਤੇ ਸੁਵਿਧਾ-ਸੰਪੰਨ ਜ਼ਿਲ੍ਹਾ ਪੱਧਰੀ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇਸ ਉਦੇਸ਼ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਕਿਤਾਬਾਂ ਨਾਲ ਜੋੜਨਾ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸਿਖਿਆਰਥੀਆਂ ਨੂੰ ਪੜ੍ਹਨ ਲਈ ਉਸਾਰੂ ਮਾਹੌਲ ਮੁਹੱਈਆ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਇਸ ਪ੍ਰੋਜੈਕਟ ਦੀ ਨਿਗਰਾਨੀ ਲਈ ਉੱਚ ਅਧਿਕਾਰੀਆਂ ਤੇ ਆਧਾਰਿਤ ਇਕ ਵਿਸ਼ੇਸ਼ ਕਮੇਟੀ ਗਠਿਤ ਕਰਨ ਦੇ ਹੁਕਮ ਦਿੱਤੇ। ਇਸ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲਾਇਬ੍ਰੇਰੀ ਲਈ ਸ਼ਹਿਰ ਵਿੱਚ ਕਿਸੇ ਅਜਿਹੀ ਢੁੱਕਵੀਂ ਥਾਂ ਦੀ ਚੋਣ ਕੀਤੀ ਜਾਵੇ, ਜਿੱਥੇ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਪਹੁੰਚ ਆਸਾਨ ਹੋਵੇ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਲਾਇਬ੍ਰੇਰੀ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਪੁਸਤਕਾਂ ਤੋਂ ਇਲਾਵਾ ਇੰਟਰਨੈੱਟ ਤੇ ਬੈਠਣ ਲਈ ਵਧੀਆ ਪ੍ਰਬੰਧ ਯਕੀਨੀ ਬਣਾਏ ਜਾਣਗੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜਾਣਕਾਰੀ ਦਿੱਤੀ ਕਿ ਸਾਡਾ ਉਦੇਸ਼ ਮਾਨਸਾ ਦੇ ਨੌਜਵਾਨਾਂ ਨੂੰ ਗਿਆਨ ਦੇ ਭੰਡਾਰ ਨਾਲ ਜੋੜਨਾ ਹੈ। ਇਹ ਲਾਇਬ੍ਰੇਰੀ ਖ਼ਾਸ ਕਰਕੇ ਉਨ੍ਹਾਂ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ, ਜੋ ਆਈਏਐਸ, ਪੀਸੀਐਸ ਅਤੇ ਹੋਰ ਸਰਕਾਰੀ ਨੌਕਰੀਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਦੀ ਰੂਪ ਰੇਖਾ ਜਲਦ ਤਿਆਰ ਕੀਤੀ ਜਾਵੇ ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤੇ ਜਾ ਸਕਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।