ਮਾਨਸਾ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਲਹਿਰਾਇਆ ਕੌਮੀ ਝੰਡਾ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ
Publish Date: Sun, 16 Aug 2026 06:20 PM (IST)
Updated Date: Mon, 17 Aug 2026 04:06 AM (IST)
ਆਜ਼ਾਦੀ ਦਿਹਾੜੇ ਦੇ ਪਹਿਲਾਂ ਰਾਤੀ ਪਏ ਮੀਂਹ ਨੇ ਵਧਾਈਆਂ ਪ੍ਰਸ਼ਾਸਨ ਤੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਵਿਦਿਆਰਥੀਆਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਕਰਨਾ ਪਿਆ ਸਾਹਮਣਾ, ਜ਼ਿਆਦਾਤਰ ਕੁਰਸੀਆਂ ਵੀ ਰਹੀਆਂ ਖਾਲੀ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਆਜ਼ਾਦੀ ਦਿਹਾੜੇ ‘ਤੇ ਬਹੁ-ਮੰਤਵੀ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਹਾਲਾਂਕਿ ਇਹ ਪ੍ਰੋਗਰਾਮ ਦੀਆਂ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਸਨ ਪਰ ਆ਼ਜ਼ਾਦੀ ਦਿਹਾੜੇ ਦੇ ਪਹਿਲਾਂ 14 ਅਗਸਤ ਰਾਤੀ ਆਏ ਮੀਂਹ ਕਾਰਨ ਸਮਾਰੋਹ ‘ਚ ਪ੍ਰਸ਼ਾਸਨਕ ਅਧਿਕਾਰੀ, ਮੁਲਾਜ਼ਮਾਂ ਤੇ ਵਿਦਿਆਰਥੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। 14 ਅਗਸਤ ਨੂੰ ਰਾਤੀ ਆਏ ਮੀਂਹ ਦੇ ਸਟੇਡੀਅਮ ਦਾ ਟ੍ਰੈਕ ਤੇ ਮੈਦਾਨ ਗਿੱਲਾ ਹੋ ਗਿਆ। ਸਟੇਡੀਅਮ ਦੇ ਟ੍ਰੈਕ ’ਤੇ ਮਿੱਟੀ ਰਾਤ ਨੂੰ ਹੀ ਪਾਈ ਗਈ ਪਰ ਸਮਾਗਮ ਦੌਰਾਨ ਵੀ ਇਹ ਨਾ ਸੁੱਕ ਸਕਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਆਪਣੇ ਵਿਭਾਗਾਂ ਵੱਲੋਂ ਝਾਕੀਆਂ ਤਿਆਰ ਕੀਤੀਆਂ ਗਈਆਂ ਸਨ ਪਰ ਉਨ੍ਹਾਂ ਨੂੰ ਸਟੇਡੀਅਮ ਦਾ ਟ੍ਰੈਕ ਗਿੱਲਾ ਟਰਾਲੀਆਂ ’ਤੇ ਸਜਾਈਆਂ ਝਾਕੀਆਂ ਨਹਿਰੂ ਕਾਲਜ ਦੇ ਬਾਹਰ ਹੀ ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ’ਤੇ ਰੋਕ ਕੇ ਰੱਖਣੀਆਂ ਪਈਆਂ, ਜਿਸ ਕਾਰਨ ਝਾਕੀਆਂ ਤਿਆਰ ਕਰ ਕੇ ਲਿਆਉਣ ਵਾਲੇ ਮੁਲਾਜ਼ਮ ਔਖੇ-ਔਖੇ ਦਿਖਾਈ ਦਿੱਤੇ। ਭਾਵੇਂਕਿ ਫ਼ਿਰ ਇਹ ਝਾਕੀਆਂ ਬਾਹਰ ਹੀ ਸੜਕਾਂ ’ਤੇ ਕੱਢੀਆਂ ਗਈਆਂ ਪਰ ਟ੍ਰੈਕ ’ਤੇ ਇਹ ਝਾਕੀਆਂ ਇਸ ਵਾਰ ਨਾ ਕੱਢੀਆਂ ਜਾ ਸਕੀਆਂ, ਜਿੱਥੇ ਟ੍ਰੈਕ ਦੇ ਗਿੱਲੇ ਹੋਣ ਕਾਰਨ ਉਥੋਂ ਲੰਘਦੇ ਵਿਦਿਆਰਥੀ ਤੇ ਲੋਕਾਂ ਦੇ ਪੈਰ ਇਸ ’ਚ ਖੁੱਭਦੇ ਰਹੇ, ਉਥੇ ਹੀ ਪੇਸ਼ਕਾਰੀ ਲਈ ਆਏ ਅਲੱਗ-ਅਲੱਗ ਸਕੂਲਾਂ ਦੇ ਬੱਚੇ ਵੀ ਗਿੱਲੇ ਮੈਦਾਨ ’ਚ ਮਿੱਟੀ ‘ਚ ਖੁੱਭਦੇ ਪੈਰਾਂ ਤੇ ਆਪਣੇ ਪੇਸ਼ਕਾਰੀ ਲਈ ਪਾਏ ਕੱਪੜਿਆਂ ਨੂੰ ਬਚਾ-ਬਚਾ ਚੱਲਦੇ ਰਹੇ। ਸ਼ਹਿਰੀ ਲੋਕਾਂ ਵੱਲੋਂ ਸਮਾਗਮ ਦੌਰਾਨ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ ਗਈ, ਜ਼ਿਆਦਾਤਰ ਕੁਰਸੀਆਂ ਖਾਲੀ ਪਈਆਂ ਦਿਖਾਈ ਦਿੱਤੀਆਂ। ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਮੇਂ ਸਮੇਂ ’ਤੇ ਚੱਲੀਆਂ ਵੱਖ ਵੱਖ ਲਹਿਰਾਂ ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ’ਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਨੂੰ ਨਮਨ ਕੀਤਾ। ਡੀਸੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ’ਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਤਸਵੀਰਾਂ ਲਾਈਆਂ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ, ਜਿਸ ਤਹਿਤ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਡੀਸੀ ਨੇ ਮੁੱਖ ਮੰਤਰੀ ਤੀਰਥ ਯੋਜਨਾ, ਪੰਜਾਬ ਸਿੱਖਿਆ ਕ੍ਰਾਂਤੀ, ਮੁੱਖ ਮੰਤਰੀ ਸਿਹਤ ਯੋਜਨਾ, ਮਾਵਾਂ ਧੀਆਂ ਸਤਿਕਾਰ ਯੋਜਨਾ, ਸੀਐੱਮ ਦੀ ਯੋਗਸ਼ਾਲਾ, ਆਸ਼ੀਰਵਾਦ ਸਕੀਮ, ਮੇਰੀ ਰਸੋਈ ਸਕੀਮ, ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ, ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ, ਨਹਿਰੀ ਸਿੰਚਾਈ ’ਚ ਵੱਡਾ ਸੁਧਾਰ ਲਿਆਉਣ, ਵਪਾਰੀਆਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਤੇ ਮਸਲੇ ਹੱਲ ਕਰਨ ਲਈ ਕਾਰਜਸ਼ੀਲ ਟਰੇਡਰ ਕਮਿਸ਼ਨ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜਿਆਂ, ਸੜਕ ਸੁਰੱਖਿਆ ਫ਼ੋਰਸ, ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੇ ਜਾ ਰਹੇ ਕਦਮਾਂ, ਸੜਕਾਂ ਦੇ ਨਿਰਮਾਣ ਤੇ ਨਵੀਨੀਕਰਨ, ਪੇਡਾ ਦੀਆਂ ਯੋਜਨਾਵਾਂ, ਟਰਾਂਸਪੋਰਟ ਨਾਲ ਸਬੰਧਤ ਡਿਜੀਟਲ ਫੇਸਲੈੱਸ ਸੇਵਾਵਾਂ, ਪੰਜਾਬ ਸਰਕਾਰ ਤੁਹਾਡੇ ਦੁਆਰ ਸਕੀਮ, ਈਜ਼ੀ ਰਜਿਸਟਰੀ ਪ੍ਰੋਜੈਕਟ, ਪਿੰਡਾਂ ’ਚ ਛੱਪੜਾਂ ਦੀ ਸਾਫ਼ ਸਫ਼ਾਈ ਦੇ ਪ੍ਰੋਜੈਕਟਾਂ, ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਪਰਾਲਿਆਂ, ਰੰਗਲਾ ਪੰਜਾਬ ਵਿਕਾਸ ਸਕੀਮ ਅਤੇ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਆਨਲਾਈਨ ਢੰਗ ਨਾਲ ਹੱਲ ਕਰਨ ਸਮੇਤ ਪੰਜਾਬ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਜ਼ਿਲ੍ਹਾ ਮਾਨਸਾ ’ਚ ਵੱਖ ਵੱਖ ਲੋਕ ਪੱਖੀ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਐੱਸਆਈਆਰ ਤਹਿਤ ਗਣਨਾ ਫ਼ਾਰਮਾਂ ਦੀ 96.31 ਫ਼ੀਸਦੀ ਡਿਜੀਟਾਈਜੇਸ਼ਨ ਨਾਲ, ਜ਼ਿਲ੍ਹਾ ਮਾਨਸਾ ਨੇ ਪੰਜਾਬ ਭਰ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚੋਂ ਬੁਢਲਾਡਾ ਹਲਕੇ ਨੇ ਸਭ ਤੋਂ ਵੱਧ ਲਗਭਗ 97 ਫ਼ੀਸਦੀ ਡਿਜੀਟਾਈਜੇਸ਼ਨ ਨਾਲ ਮੀਲ ਪੱਥਰ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਵੱਖ ਵੱਖ ਸਮਾਗਮ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਮਾਨਸਾ ਦੇ ਕਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਇਕਾਈਆਂ ਦੀ ਸਥਾਪਨਾ ਕਰਨ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਾਉਣ ਤੇ ਨੌਜਵਾਨਾਂ ਨੂੰ ਵਧੀਆ ਮੌਕੇ ਪ੍ਰਦਾਨ ਕਰਨ ਲਈ ਲਗਭਗ ਪੌਣੇ 6 ਕਰੋੜ ਦੀ ਲਾਗਤ ਨਾਲ 119 ਖੇਡ ਮੈਦਾਨ ਬਣਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ, ਹੈਲਥ ਐਂਡ ਵੈੱਲਨੈੱਸ ਸੈਂਟਰ, ਮੁੱਖ ਮੰਤਰੀ ਸਿਹਤ ਯੋਜਨਾ, ਸਵੈ ਸਹਾਇਤਾ ਸਮੂਹਾਂ ਦੀ ਪ੍ਰਗਤੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ 8ਵੀਂ, 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ ’ਚ ਨਾਮਣਾ ਖੱਟਣ, ਨੀਟ ਅਤੇ ਜੇਈਈ (ਮੇਨਜ਼) ’ਚ ਕੁਆਲੀਫਾਈ ਹੋਣ ਸਮੇਤ ਹੋਰ ਵਿਕਾਸ ਪ੍ਰੋਜੈਕਟਾਂ ਬਾਰੇ ਸਾਂਝ ਪਾਈ। ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਵੱਲੋ ਗਰਾਊਂਡ ’ਚ ਪਰੇਡ ਦਾ ਨਿਰੀਖਣ ਕੀਤਾ ਗਿਆ। ਪਰੇਡ ਕਮਾਂਡਰ ਡੀਐੱਸਪੀ (ਹੈੱਡਕੁਆਰਟਰ) ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਮੁੱਖ ਮਹਿਮਾਨ ਨੇ ਸਲਾਮੀ ਲਈ। ਇਸ ਉਪਰੰਤ ਡੀਸੀ ਨੇ ਵਿਧਾਇਕ ਡਾ. ਵਿਜੈ ਸਿੰਗਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਚੁਸ਼ਪਿੰਦਰਬੀਰ ਸਿੰਘ ਚਹਿਲ, ਪ੍ਰਧਾਨ ਨਗਰ ਕੌਂਸਲ ਭੂਸ਼ਣ ਮੱਤੀ, ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸ਼ਰਨਜੀਤ ਕੌਰ, ਸਾਬਕਾ ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂ ਦੀ ਮੌਜੂਦਗੀ ’ਚ ਸੁਤੰਤਰਤਾ ਸੰਗਰਾਮੀਆਂ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਬਲਾਕ ’ਚ ਜਾ ਕੇ ਹੀ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਗੁਬਾਰੇ ਛੱਡਣ ਦੀ ਰਸਮ ਵੀ ਨਿਭਾਈ ਤੇ ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਰਵਾਇਤੀ ਲੋਕ ਨਾਚ ਗਿੱਧਾ ਤੇ ਭੰਗੜਾ ਦੇ ਨਾਲ ਨਾਲ ਦੇਸ਼ ਭਗਤੀ ’ਤੇ ਅਧਾਰਤ ਕੋਰੀਓਗ੍ਰਾਫੀ ਖਿੱਚ ਦਾ ਕੇਂਦਰ ਬਣੇ। ਜ਼ਿਲ੍ਹਾ ਪੁਲਿਸ ਵੱਲੋਂ ਸਾਈਬਰ ਅਪਰਾਧ ਨੂੰ ਰੋਕਣ ਬਾਰੇ ਜਾਗਰੂਕਤਾ ਹਿਤ ਇੱਕ ਸਕਿੱਟ ਪੇਸ਼ ਕੀਤੀ ਗਈ। ਮੁੱਖ ਮਹਿਮਾਨ ਵੱਲੋ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਵ੍ਹੀਲਚੇਅਰ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਨੇ ਵੱਖ-ਵੱਖ ਖੇਤਰਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ੍ਹ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਤੇ ਹੋਰ ਜੱਜ ਸਾਹਿਬਾਨ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟ੍ਰੇਟ ਬਲਜੀਤ ਕੌਰ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ, ਸਿਆਸੀ ਸਖਸ਼ੀਅਤਾਂ, ਵਿਦਿਆਰਥੀ, ਅਧਿਆਪਕ, ਵੱਡੀ ਗਿਣਤੀ ਮਾਨਸਾ ਨਿਵਾਸੀ ਹਾਜ਼ਰ ਸਨ।