ਡੀਸੀ ਵੱਲੋਂ ਐੱਸਡੀਐੱਮਜ਼ ਨੂੰ ਕੈਂਪਾਂ ਦੀ ਨਿਰੰਤਰ ਨਿਗਰਾਨੀ ਕਰਨ ਦੀਆਂ ਹਦਾਇਤ
ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਯੋਗ
Publish Date: Mon, 02 Feb 2026 08:59 PM (IST)
Updated Date: Tue, 03 Feb 2026 04:14 AM (IST)
-ਕਿਹਾ, ਲੋਕਾਂ ਨੂੰ ਘਰਾਂ ਨੇੜੇ ਮਿਲੇਗੀ ਕਾਰਡ ਬਣਵਾਉਣ ਦੀ ਸਹੂਲਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅੱਜ ਆਪਣੇ ਦਫਤਰ ਵਿਖੇ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ 3 ਫਰਵਰੀ ਤੋਂ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ 26 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਕੈਂਪਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡੀਸੀ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਲੱਗਣ ਵਾਲੇ ਕੈਂਪਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ। ਕਾਰਡ ਬਣਾਉਣ ਵਾਲੀਆਂ ਟੀਮਾਂ ਨੂੰ ਹਰ ਲੁੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਦੇ ਕਾਰਡ ਬਣਾਏ ਜਾ ਸਕਣ। ਡੀਸੀ ਨੇ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਪਰਿਵਾਰ ਮੁਫ਼ਤ ਇਲਾਜ ਦੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਡੀਸੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਾਭਪਾਤਰੀ ਪਰਿਵਾਰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਕਾਰਡ ਬਣਵਾਉਣ ਲਈ ਆਪਣੇ ਨਾਲ ਵੋਟਰ ਆਈਡੀ ਕਾਰਡ, ਆਧਾਰ ਕਾਰਡ, ਜੇਕਰ ਮੈਂਬਰ ਨਾਬਾਲਗ ਹੈ ਤਾਂ ਮੈਂਬਰ ਦੇ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈਡੀ ਕਾਰਡ ਅਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਜ਼ਰੂਰ ਲੈ ਕੇ ਆਉਣ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਸਿਹਤ ਯੋਜਨਾ ਤਹਿਤ ਸੂਚੀਬੱਧ ਹਸਪਤਾਲਾਂ ’ਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਫਾਇਦਾ ਲੈਣ ਲਈ ਕਾਰਡ ਹੋਣਾ ਲਾਜ਼ਮੀ ਹੈ। ਮੀਟਿੰਗ ਦੌਰਾਨ ਐਸਡੀਐਮ ਮਾਨਸਾ ਕਾਲਾ ਰਾਮ ਕਾਂਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐੱਸਡੀਐੱਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ।