ਨਸ਼ਿਆਂ ਦੀ ਰੋਕਥਾਮ ਲਈ ਜਲਦ ਲਿਆਂਦੀ ਜਾਵੇ ਤੇਜ਼ੀ : ਡੀਸੀ
ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈ.ਏ.
Publish Date: Tue, 10 Feb 2026 06:15 PM (IST)
Updated Date: Wed, 11 Feb 2026 04:06 AM (IST)
-ਡੀਸੀ ਨਵਜੋਤ ਕੌਰ ਨੇ ਜ਼ਿਲ੍ਹਾ ਪੱਧਰੀ ਕਮੇਟੀ ਦੇ ਕਾਰਜਾਂ ਦੀ ਕੀਤੀ ਸਮੀਖਿਆ
17) ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ।
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈ.ਏ.ਐਸ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਠੋਸ ਕਦਮਾਂ ਨੂੰ ਚੁੱਕੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੂੰ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਿਰੰਤਰ ਉਪਰਾਲੇ ਕੀਤੇ ਜਾਣ ਤਾਂ ਜੋ ਕੋਈ ਵੀ ਬੱਚਾ ਜਾਂ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਨਾ ਫ਼ਸ ਸਕੇ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਕੂਲਾਂ ਵਿੱਚ ਬਣੇ ਖੇਡ ਮੈਦਾਨਾਂ ਵਿੱਚ ਵਿਦਿਆਰਥੀਆਂ ਨੂੰ ਨਿਰੰਤਰ ਖੇਡ ਅਭਿਆਸ ਕਰਨ ਲਈ ਪ੍ਰੇਰਿਤ ਕਰਨ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਉਚੇਰੀ ਸਿੱਖਿਆ, ਆਬਕਾਰੀ ਵਿਭਾਗ, ਖੇਡ ਵਿਭਾਗ, ਖ਼ੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕੀਤਾ ਜਾਵੇ। ਡੀਸੀ ਨਵਜੋਤ ਕੌਰ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੈਂਬਰਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਰਵਾਈਆਂ ਜਾ ਰਹੀਂ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਸਰਕਾਰ ਵੱਲੋਂ ਦਿੱਤੇ ਵਿਭਾਗੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਸ਼ਾ ਮੁਕਤੀ ਕੇਂਦਰਾਂ, ਮੁੜ ਵਸੇਬਾ ਕੇਂਦਰ, ਓਟ ਕਲੀਨਿਕਾਂ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਵੀ ਲਿਆ। ਪੁਲਿਸ ਵਿਭਾਗ ਅਤੇ ਆਬਕਾਰੀ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਦਰਜ ਕੀਤੀਆਂ ਐੱਫਆਈਆਰਜ਼, ਬਰਾਮਦ ਕੀਤੇ ਨਸ਼ੇ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਕੀਤੀ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਵਿਭਾਗੀ ਪੱਧਰ 'ਤੇ ਹੋ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਐਸਡੀਐਮ ਮਾਨਸਾ ਕਾਲਾ ਰਾਮ ਕਾਂਸਲ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਡੀਐਸਪੀ (ਪੀਬੀਆਈ ਐਨਡੀਪੀਐਸ) ਗੁਰਬਿੰਦਰ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।