ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮੌਜੂਦਾ
Publish Date: Thu, 02 Apr 2026 07:21 PM (IST)
Updated Date: Thu, 02 Apr 2026 07:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਇੱਕ ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ, ਪਰ ਹਾਲੇ ਕਿਸੇ ਵੀ ਮੰਡੀ ਵਿੱਚ ਕਣਕ ਦੀ ਆਮਦ ਹੋਣੀ ਸ਼ੁਰੂ ਨਹੀਂ ਹੋਈ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਪਿਛਲੀ ਵਾਰ ਵੱਡੀਆਂ ਵਿੱਚ 6 ਲੱਖ 57 ਹਜ਼ਾਰ ਮੀਟ੍ਰਿ ਟਨ ਕਣਕ ਦੀ ਆਮਦ ਹੋਈ ਸੀ ਅਤੇ ਇਸ ਵਾਰ ਜ਼ਿਲ੍ਹੇ ਵਿੱਚ ਲਗਭਗ 6 ਲੱਖ 72 ਹਜ਼ਾਰ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ, ਜਿਸ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਈ 117 ਅਨਾਜ ਮੰਡੀਆਂ ਤੋਂ ਇਲਾਵਾ 8 ਵਾਧੂ ਯਾਰਡ ਅਤੇ 10 ਆਰਜ਼ੀ ਯਾਰਡ ਵੀ ਸਥਾਪਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਨਿਸ਼ਚਤ ਕੀਤਾ ਗਿਆ ਹੈ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ 4 ਸਰਕਾਰੀ ਖ਼ਰੀਦ ਏਜੰਸੀਆਂ ਮਾਰਕਫੈੱਡ, ਪਨਗਰੇਨ, ਪੰਜਾਬ ਸਟੇਟ ਵੇਅਰ ਹਾਊਸ ਅਤੇ ਪਨਸਪ ਨੂੰ ਖ਼ਰੀਦ ਅਤੇ ਲਿਫਟਿੰਗ ਦੇ ਸਮੁੱਚੇ ਪ੍ਰਬੰਧ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਕਿਸਾਨਾਂ ਦੇ ਬੈਠਣ ਲਈ ਯੋਗ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਫ਼ਸਲ ਦੀ ਖਰੀਦ ਦੇ ਨਾਲ-ਨਾਲ ਉਸ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਡਾ ਮੁੱਖ ਉਦੇਸ਼ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣਾ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰੀ ਤੋਂ ਬਚਾਉਣਾ ਹੈ। ਜ਼ਿਲ੍ਹਾ ਮੈਨੇਜਰਾਂ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਕੋਲ ਲੁੜੀਂਦੀ ਮਾਤਰਾ ਵਿੱਚ ਬਾਰਦਾਨਾ (ਗੱਠਾਂ) ਉਪਲੱਬਧ ਹੈ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਗੁਆਂਢੀ ਰਾਜਾਂ ਤੋਂ ਕਣਕ ਦੀ ਅਣ-ਅਧਿਕਾਰਤ ਆਵਾਜਾਈ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਹੱਦਾਂ ’ਤੇ ਵਿਸ਼ੇਸ਼ ਅੰਤਰਰਾਜੀ ਨਾਕੇ ਸਥਾਪਤ ਕੀਤੇ ਗਏ ਹਨ ਅਤੇ ਇਨ੍ਹਾਂ ਨਾਕਿਆਂ ’ਤੇ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਪੁਲਿਸ ਮੁਲਾਜ਼ਮਾਂ ’ਤੇ ਆਧਾਰਿਤ ਸਾਂਝੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਦਿਨ-ਰਾਤ (24 ਘੰਟੇ) ਮੁਸ਼ਤੈਦੀ ਨਾਲ ਨਿਗਰਾਨੀ ਕਰ ਰਹੀਆਂ ਹਨ। ਇਸ ਮੀਟਿੰਗ ਵਿੱਚ ਡੀਐੱਫਐੱਸਸੀ ਸਮੇਤ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀ ਆਦਿ ਹਾਜ਼ਰ ਸਨ।