ਮਾਨਸਾ ਵਿਖੇ ਬਣੇ ਆਮ ਆਦਮੀ ਕਲੀਨਿਕ ਨੂੰ ਕੀਤਾ ਲੋਕ-ਅਰਪਣ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ
Publish Date: Sat, 28 Mar 2026 07:09 PM (IST)
Updated Date: Sun, 29 Mar 2026 04:12 AM (IST)
-ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਵਚਨਬੱਧ : ਵਿਧਾਇਕ ਸਿੰਗਲਾ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਇੱਥੇ ਆਮ ਆਦਮੀ ਕਲੀਨਿਕ ਡੇਰਾ ਬਾਬਾ ਭਾਈ ਗੁਰਦਾਸ ਜੀ ਦਾ ਉਦਘਾਟਨ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡਾ.ਵਿਜੈ ਸਿੰਗਲਾ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸਰਕਾਰ ਵਚਨਬੱਧ ਹੈ, ਜਿਸ ਤਹਿਤ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪੰਜਾਬ ਲਈ 109 ਆਮ ਆਦਮੀ ਕਲੀਨਿਕ ਹੋਰ ਸਮਰਪਿਤ ਕੀਤੇ ਹਨ ਅੱਜ ਸਮੇਤ ਹੁਣ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 990 ਹੋ ਗਈ ਹੈ।
ਜਿਲ੍ਹਾ ਮਾਨਸਾ ਵਿਖੇ ਅੱਜ ਇਸ ਆਮ ਆਦਮੀ ਕਲੀਨਿਕ ਦਾ ਉਦਘਾਟਨ ਹੋਣ ਨਾਲ ਹੁਣ ਤੱਕ ਮਾਨਸਾ ਜਿਲ੍ਹੇ ਵਿੱਚ 29 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਹਾਇਤਾ ਦੇ ਨਾਲ-ਨਾਲ ਮੁਫ਼ਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਦਵਾਈਆਂ ਅਤੇ ਸਟਾਫ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜਾਣਕਾਰੀ ਦਿੱਤੀ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਵਿਖੇ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫਤ ਮੁਹਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਜਿਲ੍ਹਾ ਮਾਨਸਾ ਦੇ 3 ਹੋਰ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹੋ ਜਾਣਗੇ। ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਸਬੰਧੀ ਸੇਵਾਵਾਂ ਅਤੇ ਅਲਟਰਾਸਾਉੰਡ ਇਮਪੈਨਲ ਕੀਤੇ ਗਏ ਅਲਟਰਾ ਸਾਉੰਡ ਸੈਂਟਰਾਂ ਵਿੱਚ ਮੁਫ਼ਤ ਕਰਵਾਏ ਜਾਂਦੇ ਹਨ। ਉਨ੍ਹਾਂ ਵੱਲੋਂ ਆਏ ਹੋਏ ਮੁੱਖ ਮਹਿਮਾਨ, ਅਫਸਰ ਸਾਹਿਬਾਨਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਗਿਆ। ਡੇਰੇ ਦੇ ਮਹੰਤ ਕੇਸ਼ਵ ਮੁਨੀ ਜੀ ਵੱਲੋਂ ਲੋਕਾਂ ਨੂੰ ਇਸ ਕਲੀਨਿਕ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਗਿਆ।
ਇਸ ਮੌਕੇ ਲੋਕਾਂ ਨੇ ਸਕਰੀਨ ਉੱਤੇ ਰਾਜ ਪੱਧਰੀ ਸਮਾਗਮ ਦਾ ਸਿੱਧਾ ਪ੍ਰਸਾਰਣ ਦੇਖਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਐਕਸੀਅਨ ਪੰਚਾਇਤੀ ਰਾਜ ਮਹੇਸ਼ ਗਰਗ, ਜਨਰਲ ਸਕੱਤਰ ਪੰਜਾਬ ਕਿਸਾਨ ਵਿੰਗ ਮਾਲਵਾ ਜੋਨ ਚਰਨਜੀਤ ਸਿੰਘ ਅੱਕਾਂਵਾਲੀ, ਆਮ ਆਦਮੀ ਕਲੀਨਿਕ ਦੇ ਡਾ. ਧੀਰਜ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਪਵਨ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਅਵਤਾਰ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ ਅਤੇ ਸੰਦੀਪ ਸਿੰਘ ਹਾਜ਼ਰ ਸਨ।