ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ, ਆਈ
Publish Date: Wed, 17 Jun 2026 06:02 PM (IST)
Updated Date: Thu, 18 Jun 2026 04:01 AM (IST)

ਸਮੂਹ ਰਾਜਨੀਤਿਕ ਪਾਰਟੀਆਂ ਨੂੰ 19 ਜੂਨ ਤੱਕ ਬੀਐੱਲਏ ਨਿਯੁਕਤ ਕਰਨ ਦੀ ਅਪੀਲ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ, ਆਈਏਐੱਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਬੀ.ਐੱਲ.ਏ-1 ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਸਬੰਧੀ ਇਕ ਅਹਿਮ ਮੀਟਿੰਗ ਕਰਦਿਆਂ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਟ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਦਰੁਸਤ ਰੱਖਣਾ ਹੈ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਅਯੋਗ ਜਾਂ ਦੁਹਰਾਏ ਹੋਏ ਵੋਟਰਾਂ ਨੂੰ ਹਟਾਇਆ ਜਾ ਸਕੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਯੋਗ ਵੋਟਰਾਂ ਨੂੰ ਆਪਣੇ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ। ਮੀਟਿੰਗ ਦੌਰਾਨ ਵੋਟਰ ਰਜਿਸਟ੍ਰੇਸ਼ਨ, ਨਾਮ ਵਿੱਚ ਸੋਧ, ਪਤੇ ਦੀ ਤਬਦੀਲੀ ਅਤੇ ਵੋਟਰ ਸੂਚੀ ਵਿੱਚੋਂ ਨਾਮ ਹਟਾਉਣ, ਗਣਨਾ ਫ਼ਾਰਮ ਭਰਨ ਸਬੰਧੀ ਨਿਰਧਾਰਤ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਕਮਿਊਨਿਸਟ ਪਾਰਟੀ ਆਫ ਇੰਡੀਆ ਅਤੇ ਨੈਸ਼ਨਲ ਪੀਪਲ ਪਾਰਟੀ ਵੱਲੋਂ ਬੀ.ਐੱਲ.ਏ-1 ਨਿਯੁਕਤ ਨਹੀਂ ਕੀਤੇ ਗਏ ਜਦਕਿ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਬੀ.ਐੱਲ.ਏ.-1 ਨਿਯੁਕਤ ਕਰ ਦਿੱਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਬੀ.ਐੱਲ.ਏ.-2 ਵੀ ਨਿਯੁਕਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਬਾਕੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ 19 ਜੂਨ, 2026 ਤੱਕ ਆਪਣੇ ਆਪਣੇ ਬੀ.ਐੱਲ.ਏ.-2 ਨਿਯੁਕਤ ਕਰ ਦੇਣ ਕਿਉਂਕਿ 20 ਜੂਨ, 2026 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਬੀ.ਐੱਲ.ਏ. ਨੂੰ ਟਰੇਨਿੰਗ ਦਿੱਤੀ ਜਾਣੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸ਼ੁੱਧ ਵੋਟਰ ਸੂਚੀਆਂ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੁੰਦੀਆਂ ਹਨ ਇਸ ਦੇ ਵਿਚ ਸਾਰਿਆਂ ਦੀ ਭਾਗੀਦਾਰੀ ਲਾਜ਼ਮੀ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਤੋਂ ਇਲਾਵਾ ਵੱਖ ਵੱਖ ਪਾਰਟੀਆਂ ਦੇ ਨਿਯੁਕਤ ਕੀਤੇ ਬੀ.ਐੱਲ.ਏ.-1 ਹਾਜ਼ਰ ਸਨ।