- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
23 ਮਾਰਚ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 23 ਮਾਰਚ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਬਰਨਾਲਾ ਵਿਖੇ ਹੋ ਰਹੀ ਸਾਮਰਾਜ ਵਿਰੋਧੀ ਕਾਨਫ਼ਰੰਸ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਪ੍ਰਧਾਨਗੀ ਹੇਠ ਪਿੰਡ ਫਫੜੇ ਭਾਈ ਕੇ ਗੁਰਦੁਆਰਾ ਵਿਖੇ ਹੋਈ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਗੁਰਦੇਵ ਸਿੰਘ ਮਾਂਗੇਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਇਹ ਕਾਨਫਰੰਸ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਅਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ ਹੈ। ਇਸ ਮੌਕੇ ਸੂਬਾ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਸੰਸਾਰ ਭਰ ਵਿੱਚ ਸਾਮਰਾਜ ਵੱਲੋਂ ਆਪਣੀ ਲੁੱਟ ਨੂੰ ਤੇਜ਼ ਕਰਨ ਲਈ ਜ਼ੁਲਮ ਦਾ ਕੁਹਾੜਾ ਚਲਾਇਆ ਜਾ ਰਿਹਾ ਹੈ। ਮੌਜੂਦਾ ਸਮੇਂ ਵਿਚ ਈਰਾਨ ਅਮਰੀਕਾ ਅਤੇ ਇਜ਼ਰਾਈਲ ਦੀ ਤਿਕੋਨੀ ਲੜਾਈ ਨੂੰ ਇਸੇ ਨਜ਼ਰ ਨਾਲ ਦੇਖਿਆ ਜਾਣਾ ਚਾਹੀਦਾ ਹੈ। ਭਾਰਤ ਸਰਕਾਰ ਵੱਲੋਂ ਬੀਤੇ ਦਿਨੀ ਸਾਮਰਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੀ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਲੋਕ ਸਭਾ ਵਿੱਚ ਪੇਸ਼ ਕਰਕੇ, ਲੋਕ ਵਿਰੋਧੀ ਕਾਨੂੰਨ ਬਣਾਉਣ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਨੂੰ ਜੀਰਾਮਜੀ ਤਹਿਤ ਨਵੀਆਂ ਸ਼ਰਤਾਂ ਲਾਗੂ ਕਰਕੇ ਅਤੇ ਚਾਰ ਲੇਬਰ ਕੋਟ ਲਿਆ ਕੇ ਮਜ਼ਦੂਰਾਂ ਨੂੰ ਮਿਲਣ ਵਾਲੇ ਨਿਗੂਣੇ ਹੱਕ ਅਤੇ ਰੁਜ਼ਗਾਰ ਖੋਹ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਅਤੇ ਪੰਚਾਇਤੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਭਾਰਤੀ ਜਨਤਾ ਪਾਰਟੀ ਨਾਲ ਘਿਉ ਖਿਚੜੀ ਹੈ। ਉਸਨੇ ਲੋਕਾਂ ਦੇ ਹੱਕੀ ਘੋਲਾਂ ਨੂੰ ਕੁਚਲਣ ਲਈ ਰਾਜ ਮਸ਼ੀਨਰੀ ਦੇ ਦੰਦ ਤੇਜ ਕਰ ਦਿੱਤੇ ਹਨ ਤੇ ਪੰਜਾਬ ਨੂੰ ਪੁਲਿਸ ਰਾਜ ਬਣਾ ਦਿੱਤਾ ਗਿਆ ਹੈ। ਹਰ ਰੋਜ਼ ਹੱਕ ਮੰਗਦੇ ਮੁਲਾਜ਼ਮਾਂ ਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਛੱਡੀ ਜਾ ਰਹੀ ਹੈ ਅਤੇ ਆਗੂਆਂ ਤੇ ਝੂਠੇ ਕੇਸ ਪਾ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ। ਇਸ ਲਈ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਸਾਮਰਾਜ ਵਿਰੁੱਧ ਲੋਕਾਂ ਦੇ ਸੰਘਰਸ਼ਾਂ ਨੂੰ ਤੇਜ਼ ਕਰਨਾ ਅਣਸਰਦੀ ਲੋੜ ਹੈ। ਇਹ ਸੁਨੇਹਾ ਦੇਣ ਲਈ 23 ਮਾਰਚ ਨੂੰ ਬਰਨਾਲਾ ਦੀ ਧਰਤੀ ਤੇ ਕੀਤੀ ਜਾ ਰਹੀ ਇਸ ਸਾਮਰਾਜ ਵਿਰੋਧੀ ਕਾਨਫਰੰਸ ਦੀ ਹਮਾਇਤ ਬਹੁਤ ਸਾਰੀਆਂ ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੀ ਕਰ ਰਹੀਆਂ ਹਨ।
ਬੁਲਾਰਿਆਂ ਨੇ ਸਾਰੇ ਹਾਜ਼ਰ ਕਿਸਾਨਾਂ ਨੂੰ ਇਸ ਕਾਨਫਰੰਸ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜਥੇਬੰਦੀ ਵੱਲੋਂ ਬਲਾਕ ਝੁਨੀਰ ਦੇ ਸਕੱਤਰ ਕਾਕਾ ਸਿੰਘ ਮਾਖਾ ਵੱਲੋਂ ਅਹੁਦੇ ਦੀ ਦੁਰਵਰਤੋਂ, ਜੱਥੇਬੰਦੀ ਵਿਰੋਧੀ ਕਾਰਵਾਈਆਂ ਅਤੇ ਆਗੂਆਂ ਉੱਤੇ ਬੇਬੁਨਿਆਦ ਦੋਸ਼ ਲਾਉਣ ਦੇ ਵਿਰੋਧ ਵਿੱਚ ਬਾਹਰ ਦਾ ਰਸਤਾ ਦਿਖਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਕੱਤਰ ਤਾਰਾ ਚੰਦ ਬਰੇਟਾ, ਜ਼ਿਲ੍ਹਾ ਖ਼ਜ਼ਾਨਚੀ ਦੇਵੀ ਰਾਮ ਰੰਘੜਿਆਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੱਤਪਾਲ ਸਿੰਘ ਬਰੇ, ਜ਼ਿਲ੍ਹਾ ਮੀਤ ਪ੍ਰਧਾਨ ਬਲਕਾਰ ਸਿੰਘ ਚਹਿਲਾਵਾਲੀ, ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਅਤੇ ਜ਼ਿਲ੍ਹਾ ਕਮੇਟੀ ਮਾਨਸਾ ਦੇ ਆਗੂ ਬਲਵਿੰਦਰ ਸ਼ਰਮਾ ਖਿਆਲਾਂ ਤੋਂ ਇਲਾਵਾ ਤਰਸੇਮ ਸਿੰਘ ਚੱਕ ਅਲੀਸ਼ੇਰ, ਗੁਰਜੰਟ ਸਿੰਘ ਮਘਾਣੀਆ, ਹਰਬੰਸ ਸਿੰਘ ਟਾਡੀਆ, ਬਲਜੀਤ ਸਿੰਘ ਭੈਣੀਬਾਘਾ, ਗੁਰਚੇਤ ਸਿੰਘ ਚਕੇਰੀਆਂ, ਮਹਿੰਦਰ ਸਿੰਘ ਰਾਠੀ, ਜਗਜੀਵਨ ਸਿੰਘ ਹਸਨਪੁਰ ਮੇਲਾ ਸਿੰਘ ਦਿਆਲਪੁਰਾ ਤੇ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।