ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਡੀਸੀ ਨੇ ਲਿਆ ਜਾਇਜ਼ਾ
ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ
Publish Date: Mon, 19 Jan 2026 05:58 PM (IST)
Updated Date: Tue, 20 Jan 2026 04:10 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ 77ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐੱਸ ਨੇ ਸਟੇਡੀਅਮ ਵਿਚ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਰਿਫ਼ਰੈਸ਼ਮੈਂਟ ਅਤੇ ਹੋਰ ਪੁਖਤਾ ਪ੍ਰਬੰਧਾਂ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਫੁੱਲ ਡਰੈੱਸ ਰਿਹਰਸਲ 23 ਜਨਵਰੀ ਨੂੰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਸਾਫ਼-ਸਫ਼ਾਈ ਅਤੇ ਢੁਕਵੀਂ ਸਜਾਵਟ ਨੂੰ ਤਵੱਜੋਂ ਦਿੱਤੀ ਜਾਵੇ ਅਤੇ ਸਕੂਲੀ ਵਿਦਿਆਰਥੀਆਂ ਲਈ ਲੋੜੀਂਦੇ ਇੰਤਜ਼ਾਮਾਂ ’ਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਮਾਨਸਾ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਨਗਰ ਕੌਂਸਲ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਨਿਰਧਾਰਤ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਹੋਮਗਾਰਡਜ਼, ਐੱਨਸੀਸੀ, ਸਕਾਊਟਸ, ਆਰਮੀ ਬੈਂਡ ਅਤੇ ਝਾਕੀਆਂ ਵਿਚ ਵੱਖ ਵੱਖ ਵਿਭਾਗਾਂ ਵੱਲੋਂ ਉਨ੍ਹਾਂ ਨਾਲ ਸਬੰਧਤ ਸਕੀਮਾਂ/ਯੋਜਨਾਵਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐੱਸਡੀਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਕਮ ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ, ਐੱਸ ਪੀ ਪਰਦੀਪ ਸਿੰਘ ਸੰਧੂ ਅਤੇ ਵੱਖ ਵੱਖ ਵਿਭਾਗ ਮੁਖੀ ਮੌਜੂਦ ਸਨ।