ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਾਉਣ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈ.ਏ.ਐਸ. ਨੇ
Publish Date: Thu, 26 Feb 2026 08:05 PM (IST)
Updated Date: Thu, 26 Feb 2026 08:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐੱਸ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ-ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ। ਇਹ ਹੁਕਮ 31 ਮਾਰਚ 2026 ਤਕ ਲਾਗੂ ਰਹੇਗਾ।