ਤਲਵੰਡੀ ਸਾਬੋ ’ਚ ਕਾਂਗਰਸ ਦੇ ਨਵੇਂ ਦਫ਼ਤਰ ਪਹੁੰਚੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ, ਕ੍ਰਿਸ਼ਨ ਸਿੰਘ ਭਾਗੀਵਾਂਦਰ ਨੂੰ ਦਿੱਤਾ ਪੂਰਾ ਸਹਿਯੋਗ ਦਾ ਭਰੋਸਾ
ਹਲਕਾ ਭੁੱਚੋ ਤੋਂ ਕਾਂਗਰਸ ਪਾਰਟੀ ਦੇ ਸਾਬਕਾ
Publish Date: Sun, 28 Jun 2026 05:49 PM (IST)
Updated Date: Sun, 28 Jun 2026 05:49 PM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਹਲਕਾ ਭੁੱਚੋ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਕਾਂਗਰਸ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਨਵੇਂ ਖੋਲ੍ਹੇ ਗਏ ਪਾਰਟੀ ਦਫ਼ਤਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾ ਕ੍ਰਿਸ਼ਨ ਸਿੰਘ ਭਾਗੀਵਾਂਦਰ ਅਤੇ ਕਾਂਗਰਸੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰੀਤਮ ਸਿੰਘ ਕੋਟਭਾਈ ਨੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੂੰ ਨਵੇਂ ਦਫ਼ਤਰ ਦੀ ਸ਼ੁਰੂਆਤ ਲਈ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਸਮੱਰਪਿਤ, ਮਿਹਨਤੀ ਅਤੇ ਟਕਸਾਲੀ ਆਗੂਆਂ ਦੇ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੀ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੂੰ ਪੂਰਾ ਅਸ਼ੀਰਵਾਦ ਅਤੇ ਸਹਿਯੋਗ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਕ੍ਰਿਸ਼ਨ ਸਿੰਘ ਭਾਗੀਵਾਂਦਰ ਲੰਬੇ ਸਮੇਂ ਤੋਂ ਹਲਕੇ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਕੰਮ ਕਰ ਰਹੇ ਹਨ। ਹੁਣ ਇਸ ਨਵੇਂ ਦਫ਼ਤਰ ਰਾਹੀਂ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਗਤੀਵਿਧੀਆਂ ਨੂੰ ਹਲਕੇ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਉਣ ਵਿੱਚ ਹੋਰ ਵੀ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਕਦੇ ਵੀ ਆਪਣੇ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਨੂੰ ਅਣਡਿੱਠਾ ਨਹੀਂ ਕਰਦੀ, ਸਗੋਂ ਸਮੇਂ-ਸਮੇਂ ਤੇ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀਆਂ ਸੌਂਪਦੀ ਹੈ। ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦਾ ਤਲਵੰਡੀ ਸਾਬੋ ਪਹੁੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਹੌਸਲਾ ਅਤੇ ਵਿਸ਼ਵਾਸ ਉਨ੍ਹਾਂ ਲਈ ਹੋਰ ਵੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਹਾਈਕਮਾਂਡ ਦੇ ਹਰ ਹੁਕਮ ਅਤੇ ਫ਼ੈਸਲੇ ਦੀ ਪੂਰੀ ਤਨਦੇਹੀ ਨਾਲ ਪਾਲਣਾ ਕਰਨਗੇ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਲੋਕ-ਹਿਤੈਸ਼ੀ ਪ੍ਰੋਗਰਾਮਾਂ ਅਤੇ ਵਿਚਾਰਧਾਰਾ ਨੂੰ ਹਲਕਾ ਤਲਵੰਡੀ ਸਾਬੋ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਅਤੇ ਦੇਸ਼ ਦੇ ਲੋਕਾਂ ਦੀਆਂ ਉਮੀਦਾਂ ਤੇ ਖਰ੍ਹੀ ਉਤਰ ਸਕਦੀ ਹੈ। ਪਾਰਟੀ ਨੇ ਹਮੇਸ਼ਾ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਾਂਗਰਸ ਦਾ ਹਰ ਵਰਕਰ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਡੱਟ ਕੇ ਲੜੇਗਾ। ਉਨ੍ਹਾਂ ਕਿਹਾ ਕਿ ਨਵਾਂ ਦਫ਼ਤਰ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ ਅਤੇ ਇੱਥੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਰਣਨੀਤੀਆਂ ਉਲੀਕੀਆਂ ਜਾਣਗੀਆਂ।