ਮੁਲਾਜ਼ਮਾਂ ਨੂੰ ਸਿਰਫ਼ ਪੁਰਾਣੀ ਪੈਨਸ਼ਨ ਹੀ ਮਨਜ਼ੂਰ : ਡੀਟੀਐੱਫ਼ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਡੈਮੋਕ੍ਰੇਟਿਕ ਟੀਚਰਜ਼ ਪੰਜਾਬ ਭਰਵੀਂ ਸ਼ਮੂਲੀਅਤ ਕਰੇਗਾ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਲਾਜ਼ਮਾਂ ਦੀ ਪਿਛਲੇ ਪੰਜ ਸਾਲ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 13 ਨਵੰਬਰ ਤੋਂ 19 ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਡੀਟੀਐਫ਼ ਪੰਜਾਬ ਵੱਲੋਂ ਭਰਵੀਂ ਸ਼ਮੂਲੀਅਤ ਦੀ ਵਿਉਂਤਬੰਦੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ 13 ਨਵੰਬਰ ਨੂੰ ਸੰਗਰੂਰ ਅਤੇ ਮਲੇਰਕੋਟਲਾ, 14 ਨਵੰਬਰ ਨੂੰ ਬਠਿੰਡਾ ਅਤੇ ਫ਼ਤਹਿਗੜ੍ਹ ਸਾਹਿਬ, 15 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ, ਗੁਰਦਾਸਪੁਰ ਅਤੇ ਪਠਾਨਕੋਟ, 16 ਨਵੰਬਰ ਨੂੰ ਮਾਨਸਾ, ਤਰਨਤਾਰਨ ਅਤੇ ਜਲੰਧਰ, 17 ਨਵੰਬਰ ਨੂੰ ਫ਼ਰੀਦਕੋਟ ਅਤੇ ਫਿਰੋਜ਼ਪੁਰ, 18 ਨਵੰਬਰ ਨੂੰ ਲੁਧਿਆਣਾ ਅਤੇ ਪਟਿਆਲਾ, 19 ਨਵੰਬਰ ਨੂੰ ਮੋਗਾ ਅਤੇ ਕਪੂਰਥਲਾ ਜਿਲਿਆਂ ਦਾ ਕਾਡਰ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰੇ। ਡੀਟੀਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਦੱਸਿਆ ਕਿ ਇਹ ਪੱਕਾ ਮੋਰਚਾ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ,15-1-15 ਅਤੇ 17-7-20 ਦੇ ਪੱਤਰ ਰੱਦ ਕਰਵਾਉਣ, ਸਪੈਸ਼ਲ ਕਾਡਰ, ਕੰਪਿਊਟਰ, ਐੱਨਐੱਸਕਿਊਐਫ਼ ਅਤੇ ਮੈਰੀਟੋਰੀਅਸ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ‘ਚ ਮਰਜ਼ ਕਰਵਾਉਣ, ਸਾਰੇ ਕਾਡਰਾਂ ਦੀਆਂ ਪ੍ਰੋਮੋਸ਼ਨਾਂ ਤੁਰੰਤ ਕਰਵਾਉਣ, 10 ਫ਼ੀਸਦੀ ਪੈਂਡਿੰਗ ਡੀਏ ਤੁਰੰਤ ਜਾਰੀ ਕਰਵਾਉਣ, ਮਿਡ ਡੇ ਮੀਲ ਵਰਕਰਾਂ ਅਤੇ ਸਫ਼ਾਈ ਸੇਵਕਾਂ ਦੀ ਤਨਖ਼ਾਹ 18000 ਕਰਵਾਉਣ, ਪੇਂਡੂ ਭੱਤਾ, ਬਾਰਡਰ ਭੱਤਾ ਸਮੇਤ 37 ਤਰ੍ਹਾਂ ਦੇ ਬੰਦ ਕੀਤੇ ਭੱਤੇ ਬਹਾਲ ਕਰਵਾਉਣ, 3-7-11-15 ਦੀ ਏ ਸੀ ਪੀ ਸਕੀਮ ਬਹਾਲ ਕਰਵਾਉਣ ਅਤੇ ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਖਾਲੀ ਪੋਸਟਾਂ ਤੁਰੰਤ ਭਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਇਤਿਹਾਸਿਕ ਮੁਲਾਜ਼ਮ ਅੰਦੋਲਨ ਦੀ ਅਗਲੀ ਕੜੀ ਹੈ। ਜੱਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ’ਚ ਦਿੱਤੇ ਹਲਫੀਆਂ ਬਿਆਨ ’ਚ ਪੰਜਾਬ ਦੇ ਮੁਲਾਜ਼ਮਾਂ ਦੀ ਔਸਤ ਉਮਰ ਲੰਬੀ ਹੋਣ ਕਰਕੇ ਖਜ਼ਾਨੇ ਨੂੰ ਘਾਟਾ ਪੈਣ ਵਾਲੀ ਗੱਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਪੁਰਾਣੀ ਪੈਨਸ਼ਨ ਦੇ ਨਾਂ ਤੇ ਜੇਕਰ ਕੋਈ ਦੂਜੀ-ਤੀਜੀ ਸਕੀਮ ਲਾਗੂ ਕਰੇਗੀ ਤਾਂ ਮੁਲਾਜ਼ਮ ਉਸਨੂੰ ਮਨਜ਼ੂਰ ਨਹੀਂ ਕਰਨਗੇ। ਮੁਲਾਜ਼ਮਾਂ ਦੀ ਮੰਗ 1972 ਦੇ ਨਿਯਮਾਂ ਵਾਲੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ ਹੈ। ਆਗੂਆਂ ਨੇ ਕਿਹਾ ਕਿ ਉਹ ਆਪਣੀ ਇੱਕ ਇੱਕ ਮੰਗ ਪੂਰੀ ਹੋਣ ਤੱਕ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ,ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ , ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।