ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ ’ਚ ਕੱਢਿਆ ਰੋਸ ਮਾਰਚ ਮੁਲਾਜ਼ਮ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਕੱਢਿਆ ਰੋਸ ਮਾਰਚ ਲਾਇਆ ਧਰਨਾ
Publish Date: Thu, 22 Oct 2026 06:42 PM (IST)
Updated Date: Thu, 22 Oct 2026 06:43 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ ਸਰਦੂਲਗੜ੍ਹ। ਅੱਜ ਪੰਜਾਬ ਮਿਊਂਸੀਪਲ ਵਰਕਰ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਤੇ ਆਊਟ ਸੋਰਸ ਦੇ ਸਮੂਹ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਤੇ ਬਾਅਦ ਵਿਚ ਦਫਤਰ ਨਗਰ ਪੰਚਾਇਤ ਸਾਹਮਣੇ ਧਰਨਾ ਲਾ ਕੇ ਪੰਜਾਬ ਸਰਕਾਰ ਵਿਰੁੱਧ ਦੱਬ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਮਿਊਂਸੀਪਲ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੋੜ ਸਿੰਘ ਸਿੱਧੂ ਨੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ। ਭਗਵੰਤ ਮਾਨ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਸੂਬੇ ਦੀ ਜਨਤਾ ਇਸ ਤੋਂ ਤੰਗ ਹੈ ਉਸ ਦੇ ਨਾਲ ਹੀ ਸੂਬੇ ਦੇ ਮੁਲਾਜ਼ਮ ਵੀ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹਨ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੁੱਪ ਕਰਕੇ ਬੈਠੀ ਹੋਈ ਹੈ ਜਿਸ ਨੂੰ ਲੈ ਕੇ ਲਗਭਗ 150 ਮੁਲਾਜ਼ਮ ਜਥੇਬੰਦੀਆਂ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਡੀਏ ਦੀ ਕਿਸ਼ਤ ਦੇਣਾ ਪੁਰਾਣੀ ਪੈਨਸ਼ਨ ਬਹਾਲੀ ਤੇ ਹੋਰ ਮੰਗਾਂ ਨੂੰ ਪੂਰਾ ਨਹੀਂ ਕਰਦੀ ਉਦੋਂ ਤੱਕ ਅਸੀਂ ਇਸੇ ਤਰ੍ਹਾਂ ਹੀ ਕੰਮ ਛੱਡ ਕੇ ਹੜਤਾਲ ਜਾਰੀ ਰੱਖਾਂਗੇ ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਮੰਗਾਂ ਸਬੰਧੀ ਗੱਲਬਾਤ ਲਈ ਬੁਲਾਇਆ ਤਾਂ ਜਾਂਦਾ ਹੈ ਪਰ ਗੱਲਬਾਤ ਕਰਨ ਦੀ ਬਜਾਏ ਉਨ੍ਹਾਂ ਨੂੰ ਜਲੀਲ ਕਰਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਸਰਕਾਰ ਦਾ ਇਹ ਰਵਈਆ ਬਹੁਤ ਹੀ ਮੰਦਭਾਗਾ ਹੈ ਜੇਕਰ ਸਰਕਾਰ ਨੇ ਜਲਦੀ ਹੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਭਗਵੰਤ ਮਾਨ ਸਰਕਾਰ ਨੂੰ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਹੋਵੇਗਾ। ਇਸ ਮੌਕੇ ਮੁਲਾਜ਼ਮ ਆਗੂ ਬਲਕਰਨ ਸਿੰਘ ਨੇ ਵੀ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਕਰ ਰਹੀ ਹੈ ਜੋ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਲਈ ਘਾਤਕ ਸਿੱਧ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਉਹਨਾਂ ਦੀ ਸਰਕਾਰ ਆਉਣ ’ਤੇ ਸੂਬੇ ਵਿਚ ਕਦੇ ਵੀ ਧਰਨਾ ਨਹੀਂ ਲੱਗੇਗਾ ਅਤੇ ਜਨਤਾ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਹਰਾ ਪੈਨ ਉਨ੍ਹਾਂ ਦੀ ਭਲਾਈ ਦੇ ਕੰਮ ਕਰੇਗਾ ਪਰ ਸੱਤਾ ਵਿਚ ਆਉਣ ਤੋਂ ਬਾਅਦ ਸਭ ਕੁਝ ਉਲਟ ਹੋ ਰਿਹਾ ਹੈ। ਸੂਬੇ ਵਿਚ ਰੋਜ਼ਾਨਾ ਧਰਨੇ ਲੱਗ ਰਹੇ ਹਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ ਜੋ ਕਿ ਬਹੁਤ ਮੰਦਭਾਗਾ ਹੈ। ਇਸ ਮੌਕੇ ਨਗਰ ਪੰਚਾਇਤ ਸਰਦੂਲਗੜ੍ਹ ਦੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ, ਪੰਜਾਬ ਸਟੇਟ ਯੂਨੀਅਨ ਮੈਂਬਰ ਯਾਦਵਿੰਦਰ ਸਿੰਘ, ਜਨਰਲ ਸਕੱਤਰ ਮੋਹਿਤ ਕੁਮਾਰ ਸਰਪ੍ਰਸਤ ਕੁਲਵਿੰਦਰ ਸਿੰਘ ਤੋਂ ਇਲਾਵਾ ਰਣਜੀਤ ਸਿੰਘ, ਲਖਵੀਰ ਸਿੰਘ ਵਿਨੋਦ ਕੁਮਾਰ, ਪ੍ਰਦੀਪ ਕੁਮਾਰ, ਦੀਪਕ ਜੈਨ ਜਸਬੀਰ ਕੌਰ ਆਦਿ ਹਾਜ਼ਰ ਸਨ।