ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮੁਲਾਜ਼ਮਾਂ ਨੇ ਦੋ ਘੰਟੇ ਕੰਮ ਕੀਤਾ ਠੱਪ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ
Publish Date: Fri, 20 Nov 2026 06:42 PM (IST)
Updated Date: Fri, 20 Nov 2026 06:46 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ (ਰਜਿ. ਨੰ. 132) ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਦੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਫ਼ਰਦ ਕੇਂਦਰਾਂ ਦੇ ਕੰਪਿਊਟਰ ਆਪਰੇਟਰਾਂ ਵੱਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਜ਼ਿਲ੍ਹਾ ਮਾਨਸਾ ਦੇ ਸਮੂਹ ਫ਼ਰਦ ਕੇਂਦਰਾਂ ’ਚ ਸਵੇਰੇ 9 ਵਜੇ ਤੋਂ 11 ਵਜੇ ਤੱਕ ਪੂਰਨ ਤੌਰ ’ਤੇ ਕੰਮ ਬੰਦ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20 ਨਵੰਬਰ 2026 ਨੂੰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਮੁੜ ਮੀਟਿੰਗ ਤੋਂ ਪਿੱਛੇ ਹਟਣਾ, ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਾ ਕਰਨਾ ਅਤੇ ਆਊਟਸੋਰਸ ਬਿੱਲ 2026 ਵਿੱਚ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਬਾਹਰ ਰੱਖਣਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਨੂੰ ਦਰਸਾਉਂਦਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਮੀਟਿੰਗਾਂ ਦੇ ਨਾਮ ’ਤੇ ਮੁਲਾਜ਼ਮਾਂ ਨੂੰ ਸਿਰਫ਼ ਭਰੋਸੇ ਅਤੇ ਲਾਰਿਆਂ ਵਿੱਚ ਉਲਝਾ ਰਹੀ ਹੈ। ਕਈ ਵਾਰ ਮੀਟਿੰਗਾਂ ਦੀਆਂ ਤਾਰੀਖਾਂ ਅੱਗੇ ਪਾਈਆਂ ਜਾਂਦੀਆਂ ਹਨ ਅਤੇ ਕਈ ਵਾਰ ਮੀਟਿੰਗਾਂ ਬੇਸਿੱਟਾ ਰਹਿੰਦੀਆਂ ਹਨ। ਆਗੂਆਂ ਨੇ ਕਿਹਾ ਮੌਜੂਦਾ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਨਲਿਸਟਮੈਂਟ, ਆਊਟਸੋਰਸ, ਠੇਕਾ ਆਧਾਰਿਤ ਅਤੇ ਡੇਲੀਵੇਜ਼ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕਰਨ ਦਾ ਵਾਅਦਾ ਕਰਕੇ ਆਈ ਸੀ। ਪਰ ਅਫ਼ਸੋਸ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਸਮੂਹ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਕੇ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 23 ਨਵੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਥਾਈ ਹੱਲ ਕੱਢੇਗੀ। ਜੇਕਰ ਇਸ ਮੀਟਿੰਗ ਵਿੱਚ ਵੀ ਕੋਈ ਸਾਰਥਕ ਫ਼ੈਸਲਾ ਨਾ ਲਿਆ ਗਿਆ ਤਾਂ 27 ਨਵੰਬਰ ਨੂੰ ਧੂਰੀ ਦੀ ਧਰਤੀ ’ਤੇ ਇਤਿਹਾਸਕ ਅਤੇ ਵਿਸ਼ਾਲ ਸੂਬਾ ਪੱਧਰੀ ਇਕੱਠ ਕਰਕੇ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਸੇਵਕ ਸਿੰਘ, ਮੀਤ ਸਕੱਤਰ ਰਾਜੇਸ਼ ਕੁਮਾਰ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਸੁਖਦੀਪ ਕੌਰ ਅਤੇ ਹੋਰ ਸਾਥੀ ਹਾਜ਼ਰ ਸਨ।