ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ
Publish Date: Wed, 04 Nov 2026 06:06 PM (IST)
Updated Date: Wed, 04 Nov 2026 06:08 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮੂ, ਮਾਨਸਾ ਵਿਖੇ ਖਾਲਸਾ ਪੰਥ ਦੀ ਮਾਤਾ ‘ਮਾਤਾ ਸਾਹਿਬ ਕੌਰ ਜੀ’ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸਵੇਰ ਦੀ ਸਭਾ ਦੌਰਾਨ ਮਨਾਇਆ ਗਿਆ। ਇਸ ਵਿਸ਼ੇਸ਼ ਸਭਾ ਦਾ ਆਯੋਜਨ ‘ਸ਼ਹੀਦ ਊਧਮ ਸਿੰਘ ਹਾਊਸ’ ਵੱਲੋਂ ਕੀਤਾ ਗਿਆ ਅਤੇ ਇਸ ਦਾ ਸੰਚਾਲਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ, ਜਿਸ ਨਾਲ ਸਕੂਲ ਦਾ ਮਾਹੌਲ ਅਧਿਆਤਮਿਕ ਅਤੇ ਸ਼ਾਂਤਮਈ ਬਣ ਗਿਆ। ਇਸ ਮੌਕੇ ਕਮਲਪ੍ਰੀਤ ਨੇ ਮਾਤਾ ਸਾਹਿਬ ਕੌਰ ਜੀ ਦੇ ਜੀਵਨ, ਕੁਰਬਾਨੀਆਂ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਤਾ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਅਤੇ ਹਿੰਮਤ, ਸ਼ਰਧਾ, ਨਿਮਰਤਾ ਤੇ ਨਿਸ਼ਕਾਮ ਸੇਵਾ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਮਹਾਨ ਸਿੱਖ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਸਿੱਖ ਵਿਰਸੇ ਅਤੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਸਿੱਖ ਇਤਿਹਾਸ ਦੀਆਂ ਪੁਸਤਕਾਂ ਪੜ੍ਹਨ ਦੀ ਸਲਾਹ ਦਿੱਤੀ। ਇਸ ਤਰ੍ਹਾਂ ਇਹ ਸਮਾਗਮ ਵਿਦਿਆਰਥੀਆਂ ਵਿੱਚ ਸਿੱਖ ਇਤਿਹਾਸ ਅਤੇ ਸਿੱਖ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਇੱਕ ਸਾਰਥਕ ਉਪਰਾਲਾ ਸਾਬਤ ਹੋਇਆ।