- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰੇਟਾ ਵਿੱਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ

-ਕਾਂਗਰਸ ਨੂੰ ਮਜ਼ਬੂਤ ਕਰਨ ਵਾਲਿਆਂ ਨੂੰ ਮਿਲੇਗੀ ਪੂਰੀ ਇੱਜ਼ਤ, ਬਰੇਟਾ ਵਿੱਚ ਵਰਕਰਾਂ ਨਾਲ ਮਿਲੇ ਜ਼ਿਲ੍ਹਾ ਪ੍ਰਧਾਨ ਸਿੰਗਲਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਬਰੇਟਾ ਵਿੱਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ੀ ਦੇਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਵੱਲੋਂ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਇਸੀ ਤਹਿਤ ਅੱਜ ਉਹ ਬਰੇਟਾ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਪ੍ਰਕਾਸ਼ ਚੰਦ ਕੁਲਰੀਆਂ ਦੀ ਦੁਕਾਨ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕੁਲਵੰਤ ਰਾਏ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਵਿੱਚ ਹਰ ਇਕ ਵਰਕਰ ਅਤੇ ਆਗੂ ਦਾ ਸਨਮਾਨ ਯਕੀਨੀ ਬਣਾਇਆ ਜਾਵੇਗਾ। ਜੋ ਵੀ ਵਰਕਰ ਦਿਲੋਂ ਪਾਰਟੀ ਲਈ ਕੰਮ ਕਰ ਰਿਹਾ ਹੈ, ਉਸ ਦੀ ਕਦਰ ਕਰਨਾ ਅਤੇ ਉਸ ਨੂੰ ਬਣਦਾ ਮਾਣ ਸਨਮਾਨ ਦੇਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੀ ਅਸਲੀ ਤਾਕਤ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰ ਹੁੰਦੇ ਹਨ ਅਤੇ ਉਹਨਾਂ ਦੀ ਮਿਹਨਤ ਨਾਲ ਹੀ ਕਾਂਗਰਸ ਮਜ਼ਬੂਤ ਬਣਦੀ ਹੈ। ਕਾਂਗਰਸ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ‘ਤੇ ਜਤਾਇਆ ਗਿਆ ਭਰੋਸਾ ਉਹ ਪੂਰੀ ਨਿਸ਼ਠਾ ਨਾਲ ਨਿਭਾਅ ਰਹੇ ਹਨ ਅਤੇ ਜ਼ਿਲ੍ਹੇ ਦੇ ਹਰ ਕੋਨੇ ਵਿੱਚ ਜਾ ਕੇ ਵਰਕਰਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਵਰਕਰਾਂ ਨੂੰ ਇਕਜੁੱਟ ਕਰਨਾ ਸਮੇਂ ਦੀ ਲੋੜ ਹੈ। ਸਿੰਗਲਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਆਮ ਲੋਕਾਂ ਦੀ ਪਾਰਟੀ ਰਹੀ ਹੈ ਤੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਆ ਰਹੀ ਹੈ। ਮੌਜੂਦਾ ਹਾਲਾਤ ’ਚ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਹੋਰ ਮੁੱਦਿਆਂ ਨਾਲ ਜੂਝ ਰਹੇ ਹਨ ਅਤੇ ਕਾਂਗਰਸ ਪਾਰਟੀ ਹੀ ਲੋਕਾਂ ਦੀ ਆਵਾਜ਼ ਬਣ ਸਕਦੀ ਹੈ। ਇਸ ਲਈ ਪਾਰਟੀ ਦੇ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਲੋਕਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਅਤੇ ਇਕਤਾ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਜੇਕਰ ਸਾਰੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਭਵਿੱਖ ’ਚ ਕਾਂਗਰਸ ਪਾਰਟੀ ਵੱਡੀ ਤਾਕਤ ਵਜੋਂ ਸਾਹਮਣੇ ਆਵੇਗੀ। ਉਨ੍ਹਾਂ ਨੇ ਇਹ ਭਰੋਸਾ ਵੀ ਦਿਵਾਇਆ ਕਿ ਕਿਸੇ ਵੀ ਵਰਕਰ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਹਰ ਕਿਸੇ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੁਲਵੰਤ ਰਾਏ ਸਿੰਗਲਾ ਨੂੰ ਹਾਲ ਹੀ ਵਿੱਚ ਮਾਨਸਾ ਜ਼ਿਲ੍ਹੇ ਦਾ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਲਗਾਤਾਰ ਪਾਰਟੀ ਸੰਰਚਨਾ ਨੂੰ ਮਜ਼ਬੂਤ ਕਰਨ ਲਈ ਮੈਦਾਨ ਵਿੱਚ ਸਰਗਰਮ ਹਨ।
ਇਸ ਮੌਕੇ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਜ਼ਿਲ੍ਹੇ ਵਿੱਚ ਨਵੀਂ ਦਿਸ਼ਾ ਮਿਲੇਗੀ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਸਭਾ ਦੌਰਾਨ ਵਰਕਰਾਂ ਨੇ ਆਪਣੇ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਵੀ ਰੱਖੀਆਂ, ਜਿਨ੍ਹਾਂ ਨੂੰ ਸਿੰਗਲਾ ਨੇ ਧਿਆਨ ਨਾਲ ਸੁਣਿਆ ਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਉਹ ਹਰ ਵੇਲੇ ਤਿਆਰ ਹਨ। ਇਸ ਮੌਕੇ ਲਾਲੂ ਭਾਰਦਵਾਜ, ਸੁੱਖਾ ਸਿੰਘ ਧੇਲੇਵਾ, ਸੁਮੀਤ ਡਸਕਾ, ਪ੍ਰਕਾਸ਼ ਚੰਦ ਐੱਮਸੀ, ਨਵਨੀਤ ਬਾਂਸਲ ਅਤੇ ਹੋਰ ਕਈ ਵਰਕਰ ਮੌਜੂਦ ਸਨ। ਸਮੂਹ ਵਰਕਰਾਂ ਨੇ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ ਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਜ਼ੋਰ ਲਗਾਉਣ ਦੀ ਗੱਲ ਕੀਤੀ। ਅੰਤ ਵਿੱਚ ਕੁਲਵੰਤ ਰਾਏ ਸਿੰਗਲਾ ਨੇ ਸਭ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਰ ਵੇਲੇ ਵਰਕਰਾਂ ਦੇ ਨਾਲ ਖੜ੍ਹੇ ਰਹਿਣਗੇ ਤੇ ਪਾਰਟੀ ਦੀ ਤਰੱਕੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।