- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਸਮੂਹ ਕੰਪਿਊਟਰ ਆਪ੍ਰੇਟਰਾਂ ਦੀ ਇੱਕ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਜ਼ਿਲ੍ਹੇ ਭਰ ਤੋਂ ਪਹੁੰਚੇ ਸਾਥੀਆਂ ਵੱਲੋਂ ਇਕਸੁਰ ਹੋ ਕੇ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੌਰਾਨ ਐਸੋਸੀਏਸ਼ਨ ਵੱਲੋਂ ਦੋਸ਼ ਲਾਇਆ ਕਿ ਸੀਐੱਮਸੀ ਕੰਪਨੀ ਵੱਲੋਂ ਕਿਰਤ ਕਾਨੂੰਨਾਂ ਦੀ ਖੁੱਲ੍ਹੀ ਉਲੰਘਣਾ ਕੀਤੀ ਜਾ ਰਹੀ ਹੈ ਨਾ ਤਾਂ ਓਪਰੇਟਰਾਂ ਨੂੰ ਯੋਗ ਤਨਖ਼ਾਹ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਉਲਟ ਮੁਲਾਜ਼ਮਾਂ ਨਾਲ ਲਗਾਤਾਰ ਸੋਸ਼ਣ ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਐਸੋਸੀਏਸ਼ਨ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਸਬੰਧੀ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਹੈ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ, ਜੋ ਕਿ ਬਹੁਤ ਹੀ ਨਿੰਦਣਯੋਗ ਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ। ਜੇ ਕੰਪਨੀ ਕੋਲ ਫਰਦ ਕੇਂਦਰਾਂ ਦਾ ਕੰਮ ਹੈ, ਤਾਂ ਉਹ ਸਰਕਾਰ ਨਾਲ ਹੋਏ ਠੇਕੇ ਦੇ ਆਧਾਰ ’ਤੇ ਹੈ, ਜਿਸ ਵਿੱਚ ਮੁਲਾਜ਼ਮਾਂ ਨੂੰ ਤਨਖ਼ਾਹ ਤੇ ਹੋਰ ਸਹੂਲਤਾਂ ਦੇਣਾ ਲਾਜ਼ਮੀ ਬਣਦਾ ਹੈ। ਫ਼ਰਦ ਕੇਂਦਰ ਓਪਰੇਟਰ ਸਾਲ 2007 ਤੋਂ ਲਗਾਤਾਰ ਸੇਵਾ ਨਿਭਾਅ ਰਹੇ ਹਨ ਅਤੇ ਕੰਪਨੀ ਲਈ ਵੱਡੀ ਆਮਦਨ ਦਾ ਸਰੋਤ ਬਣੇ ਹੋਏ ਹਨ। ਇਸ ਲਈ ਉਨ੍ਹਾਂ ਨੂੰ ਕਿਰਤ ਕਾਨੂੰਨਾਂ ਅਨੁਸਾਰ ਆਪਣੇ ਹੱਕਾਂ ਅਤੇ ਯੋਗ ਤਨਖਾਹ ਦੀ ਮੰਗ ਕਰਨ ਦਾ ਪੂਰਾ ਅਧਿਕਾਰ ਹੈ। ਐਸੋਸੀਏਸ਼ਨ ਵੱਲੋਂ ਕੰਪਨੀ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇ ਕਿਸੇ ਵੀ ਪ੍ਰਧਾਨ ਜਾਂ ਆਪ੍ਰੇਟਰ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਫ਼ਰਦ ਕੇਂਦਰਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਕੇ ਵੱਡੇ ਪੱਧਰ ‘ਤੇ ਸੰਘਰਸ਼ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਦੀ ਪੂਰ੍ਹੀ ਜ਼ਿੰਮੇਵਾਰੀ ਕੰਪਨੀ ਅਤੇ ਸੰਬੰਧਿਤ ਅਧਿਕਾਰੀਆਂ ਦੀ ਹੋਵੇਗੀ। ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਲਿਆ ਗਿਆ ਕਿ ਜੇਕਰ 07 ਅਪ੍ਰੈਲ 2026 ਤੱਕ ਜਾਇਜ਼ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ। ਸੂਬਾ ਪੱਧਰ ‘ਤੇ ਐਸੋਸੀਏਸ਼ਨ ਨੂੰ ਅਪੀਲ ਕੀਤੀ ਜਾਵੇਗੀ ਕਿ ਆਉਣ ਵਾਲੇ ਦਿਨਾਂ ਵਿੱਚ ਹੜਤਾਲ ਦੇ ਰੂਪ ਵਿੱਚ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਗਿਆ ਕਿ ਸਰਕਾਰ ਵੱਲੋਂ ਲਗਾਤਾਰ ਮੀਟਿੰਗਾਂ ਦੇ ਨਾਂ ‘ਤੇ ਮਾਮਲੇ ਨੂੰ ਟਾਲਿਆ ਜਾ ਰਿਹਾ ਹੈ, ਜੋ ਕਿ ਬਿਲਕੁਲ ਅਸਵੀਕਾਰਯੋਗ ਹੈ। ਇਸ ਮੌਕੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਨੂੰ ਕੰਪਨੀ ਵੱਲੋਂ ਜਾਰੀ ਕੀਤੇ ਪੱਤਰ ਦੀ ਜ਼ਿਲ੍ਹਾ ਮਾਨਸਾ ਇਕਾਈ ਵੱਲੋਂ ਸਖ਼ਤ ਨਿਖੇਧੀ ਕੀਤੀ। ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਨੇ ਇਸ ਕਾਰਵਾਈ ਨੂੰ ਸਰਾਸਰ ਗੱਲਤ ਕਰਾਰ ਦਿੰਦਿਆਂ ਕਿਹਾ ਕਿ ਇਹ ਜਥੇਬੰਦੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ, ਮੀਤ ਪ੍ਰਧਾਨ ਕਰਮਜੀਤ ਸਿੰਘ, ਸਕੱਤਰ ਸੇਵਕ ਸਿੰਘ, ਮੀਤ ਸਕੱਤਰ ਕੁਲਦੀਪ ਸਿੰਘ, ਖਜਾਨਚੀ ਰਾਜੇਸ਼ ਕੁਮਾਰ, ਅੰਤਰ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਜੋਨੀ ਬਜਾਜ ਆਦਿ ਮੈਂਬਰ ਹਾਜ਼ਰ ਸਨ। ਅੰਤ ਵਿੱਚ ਐਸੋਸੀਏਸ਼ਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਸੂਬਾ ਪ੍ਰਧਾਨ ਰਮਨਦੀਪ ਸਿੰਘ ਖ਼ਿਲਾਫ਼ ਕਿਸੇ ਵੀ ਕਿਸਮ ਦੀ ਕਾਰਵਾਈ ਕੀਤੀ ਗਈ ਤਾਂ ਜ਼ਿਲ੍ਹਾ ਮਾਨਸਾ ਦੇ ਸਮੂਹ ਸਾਥੀਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕਰਦੇ ਹੋਏ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।