ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਵੱਲੋ ਮੰਗਾਂ ਸਬੰਧੀ ਏਡੀਸੀ ਨੂੰ ਦਿੱਤਾ ਮੰਗ ਪੱਤਰ ਫਰਦ ਕੇਂਦਰ ਕੰਪਿਊਟਰ ਆਪਰੇਟਰ
Publish Date: Mon, 17 Aug 2026 05:32 PM (IST)
Updated Date: Mon, 17 Aug 2026 05:33 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਮਾਨਸਾ ਵੱਲੋਂ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਏਡੀਸੀ ਮਾਨਸਾ ਪੂਰਨ ਸਿੰਘ ਨੂੰ ਮੰਗ - ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਸਾਲ 2007 ਤੋਂ ਪੰਜਾਬ ਦੇ ਵੱਖ-ਵੱਖ ਫਰਦ ਕੇਂਦਰਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਲੰਬੇ ਸਮੇਂ ਤੋਂ ਬਣਦਾ ਧਿਆਨ ਨਹੀਂ ਦਿੱਤਾ ਗਿਆ। ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ਵਿੱਚ ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ - 2026 ਅਤੇ ਪੰਜਾਬ ਕੰਟ੍ਰੈਕਚੂਅਲ ਪ੍ਰਸੋਨਲ ਬਿੱਲ - 2026 ਵਿੱਚ ਸ਼ਾਮਲ ਕਰਨਾ, ਡੀ.ਸੀ. ਰੇਟ ਕੈਟਾਗਿਰੀ - ਸੀ ਅਧੀਨ ਪੇ - ਸਕੇਲ ਦੇਣਾ, ਪਿਛਲੀ ਬਕਾਇਆ ਰਾਸ਼ੀ ਜਾਰੀ ਕਰਵਾਉਣਾ ਅਤੇ ਆਪਰੇਟਰਾਂ ਦਾ ਡਾਟਾ ਪਰਸੋਨਲ ਵਿਭਾਗ ਨੂੰ ਭੇਜਣਾ ਸ਼ਾਮਲ ਹੈ। ਇਸ ਤੋਂ ਇਲਾਵਾ ਓਵਰਟਾਈਮ ਦਾ ਬਣਦਾ ਮਿਹਨਤਾਨਾ ਦੇਣ, ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਸਰਕਾਰ ਅਧੀਨ ਸਿੱਧੇ ਕੰਟ੍ਰੈਕਟ ’ਤੇ ਲੈਣ, ਬੀਮਾ ਪਾਲਿਸੀ ਦੀ ਸਹੂਲਤ, ਸਰਕਾਰੀ ਛੁੱਟੀਆਂ, 58 ਸਾਲ ਤੱਕ ਨੌਕਰੀ ਦੀ ਸੁਰੱਖਿਆ ਅਤੇ ਘੱਟੋ-ਘੱਟ ਉਜਰਤ ਕਾਨੂੰਨ ਅਨੁਸਾਰ ਤਨਖਾਹ ਨਿਰਧਾਰਤ ਕਰਨ ਦੀਆਂ ਮੰਗਾਂ ਵੀ ਰੱਖੀਆਂ ਗਈਆਂ ਹਨ। ਐਸੋਸੀਏਸ਼ਨ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਸਬੰਧੀ ਪਹਿਲਾਂ ਵੀ ਸਰਕਾਰ ਨੂੰ ਮੰਗ-ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਕੋਈ ਵਿਸ਼ਵਾਸਯੋਗ ਭਰੋਸਾ ਨਾ ਮਿਲਣ ਕਾਰਨ ਜਥੇਬੰਦੀ ਵੱਲੋਂ ਸੰਘਰਸ਼ ਦਾ ਫ਼ੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਜੇਕਰ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸ਼ਾਂਤਮਈ ਢੰਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਕੜੀ ਤਹਿਤ 19 ਅਗਸਤ 2026 ਤੋਂ ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿੱਚ ਲਗਾਤਾਰ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਅਨੁਸਾਰ ਇਸ ਮੋਰਚੇ ਵਿੱਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨਗੇ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਆਊਟਸੋਰਸ ਫਰਦ ਕੇਂਦਰ ਵਰਕਰਾਂ ਨੂੰ ਵਿਭਾਗ ਵਿੱਚ ਮਰਜ ਕਰਕੇ ਪੱਕਾ ਅਤੇ ਸੁਰੱਖਿਅਤ ਰੁਜ਼ਗਾਰ ਦਿੱਤਾ ਜਾਵੇ ਅਤੇ ਆਪਰੇਟਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ, ਸੁਖਦੀਪ ਕੌਰ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਰਮਨਦੀਪ ਸਿੰਘ ਹਾਜ਼ਰ ਸਨ।