ਫ਼ਰਦ ਕੇਂਦਰ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਨਿੱਜੀਕਰਨ ਦੇ ਖਿਲਾਫ ਮਾਨਸਾ ਵਿਖੇ
Publish Date: Fri, 09 Jan 2026 05:14 PM (IST)
Updated Date: Fri, 09 Jan 2026 05:18 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਨਿੱਜੀਕਰਨ ਖ਼ਿਲਾਫ਼ ਮਾਨਸਾ ਵਿਖੇ ਫ਼ਰਦ ਕੇਂਦਰ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਲਈ ਕੋਈ ਵੀ ਪ੍ਰਕਿਰਿਆ ਨਹੀਂ ਕੀਤੀ ਜਾ ਰਹੀ। ਮਾਨਸਾਂ ਵਿੱਚ ਨਾਅਰੇਬਾਜ਼ੀ ਕਰਦਿਆਂ ਰਮਨਦੀਪ ਸਿੰਘ, ਕਰਮਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦੇ ਦਾਅਵੇ ਤਕ ਕੀਤੇ ਜਾ ਰਹੇ ਹਨ। ਪਰ ਉਨ੍ਹਾਂ ਦਾਵਿਆਂ ਨੂੰ ਕਿਤੇ ਵੀ ਅਮਲੀ ਰੂਪ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬੇਸ਼ੱਕ ਮਹਿੰਗੇ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਈ ਕਰ ਕੇ ਨੌਕਰੀ ਦੇ ਯੋਗ ਹਰ ਕੋਈ ਬਣਾਉਣਾ ਚਾਹੁੰਦਾ ਹੈ ਪਰ ਸਰਕਾਰਾਂ ਵੱਲੋਂ ਲਿਆਂਦੇ ਜਾ ਰਹੇ ਨਿੱਜੀਕਰਨ ਵਿੱਚ ਹਰ ਕੋਈ ਫਸ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਕਰਮਚਾਰੀ ਨੂੰ 10 ਹਜ਼ਾਰ ਰੁਪਏ ਤਕ ਤਨਖ਼ਾਹ ਦਿੱਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਘਰਾਂ ਵਿੱਚ ਗੁਜ਼ਾਰਾ ਮੁਸ਼ਕਿਲ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਫ਼ਰਦ ਕੇਂਦਰਾਂ ਵਿੱਚ ਹੜਤਾਲ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ, ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।