ਭੈਣੀ ਬਾਘਾ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਕਿਸਾਨਾਂ ਦਾ ਫੁੱਟਿਆ ਗੁੱਸਾ ਜ਼ਿਲ੍ਹਾ ਮਾਨਸਾ ਦੇ ਪਿੰਡ ਭੈਣੀ ਬਾਘਾ ਦੀ ਅਨਾਜ
Publish Date: Fri, 20 Nov 2026 05:38 PM (IST)
Updated Date: Fri, 20 Nov 2026 05:40 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਜ਼ਿਲ੍ਹਾ ਮਾਨਸਾ ਦੇ ਪਿੰਡ ਭੈਣੀ ਬਾਘਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਦਾ ਗੁੱਸਾ ਫੁੱਟ ਪਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸਰਕਾਰ ਦੀ ਖਰੀਦ ਪ੍ਰਬੰਧਾਂ ਨੂੰ ਲੈ ਕੇ ਅਪਣਾਈ ਜਾ ਰਹੀ ਨੀਤੀ ’ਤੇ ਸਵਾਲ ਚੁੱਕਦਿਆਂ ਮੰਗ ਕੀਤੀ ਕਿ ਮੰਡੀ ਵਿੱਚ ਪਈ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਸ਼ੁਰੂ ਕਰਵਾਈ ਜਾਵੇ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਆਪਣੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿੱਚ ਬੈਠੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਦੇ ਸਬੰਧਿਤ ਖ਼ਰੀਦ ਅਧਿਕਾਰੀ ਫ਼ਸਲ ਦੀ ਖ਼ਰੀਦ ਕਰਨ ਲਈ ਮੰਡੀ ਵਿੱਚ ਨਹੀਂ ਪਹੁੰਚ ਰਹੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਈ - ਕਈ ਦਿਨ ਉਡੀਕ ਕਰਨੀ ਪੈ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਲੈ ਕੇ ਵੱਡੇ - ਵੱਡੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਮੰਡੀਆਂ ਵਿੱਚ ਕਿਸਾਨ ਆਪਣੀ ਫ਼ਸਲ ਵੇਚਣ ਲਈ ਖੱਜਲ - ਖੁਆਰ ਹੋ ਰਹੇ ਹਨ। ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸਾਂਭ - ਸੰਭਾਲ ਲਈ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਮੌਕੇ ਕਿਸਾਨ ਆਗੂ ਬਲਜੀਤ ਸਿੰਘ ਨੇ ਦੋਸ਼ ਲਗਾਇਆ ਕਿ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਦਾ ਫ਼ਾਇਦਾ ਉਠਾਉਂਦਿਆਂ ਸ਼ੈਲਰ ਮਾਲਕਾਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਵਿੱਚ ਦੇਰੀ ਕਾਰਨ ਕਿਸਾਨ ਮਜ਼ਬੂਰੀਵਸ ਆਪਣੀ ਫ਼ਸਲ ਘੱਟ ਭਾਅ ’ਤੇ ਵੇਚਣ ਲਈ ਮਜਬੂਰ ਹੋ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ’ਤੇ ਮਾੜਾ ਅਸਰ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਭੈਣੀ ਬਾਘਾ ਦੀ ਅਨਾਜ ਮੰਡੀ ਵਿੱਚ ਤੁਰੰਤ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਜਾਵੇ, ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਹੋ ਰਹੀ ਖੱਜਲ - ਖੁਆਰੀ ਤੋਂ ਨਿਜਾਤ ਦਿਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮਨਦੀਪ ਸਿੰਘ ਰੂਬੀ, ਮਿਲਖਾ ਸਿੰਘ, ਸੁਖਪਾਲ ਸਿੰਘ, ਪਾਲੀ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।