ਮੰਡੀਆਂ 'ਚ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਭੜਕੇ ਕਿਸਾਨ ਨੈਸ਼ਨਲ ਹਾਈਵੇ 'ਤੇ ਲਗਾਇਆ ਧਰਨਾ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਸਹੀ ਢੰਗ
Publish Date: Sun, 15 Nov 2026 05:59 PM (IST)
Updated Date: Sun, 15 Nov 2026 06:00 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਾਰਕੁੰਨਾਂ ਤੇ ਕਿਸਾਨਾਂ ਨੇ ਬੁਢਲਾਡਾ-ਜਾਖਲ ਨੈਸ਼ਨਲ ਹਾਈਵੇ ਬਰੇਟਾ ਡਰੇਨ ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਧਰਨੇ ਕਾਰਨ ਹਾਈਵੇ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਦੋਸ਼ ਲਗਾਇਆ ਕਿ ਮੰਡੀਆਂ ਵਿਚ ਝੋਨੇ ਦੀਆਂ ਢੇਰੀਆਂ ਕਈ-ਕਈ ਦਿਨਾਂ ਤੋਂ ਖ਼ਰੀਦ ਦੀ ਉਡੀਕ ਵਿਚ ਪਈਆਂ ਹਨ, ਪਰ ਨਾ ਤਾਂ ਸਮੇਂ ਸਿਰ ਬੋਲੀ ਲੱਗ ਰਹੀ ਹੈ ਅਤੇ ਨਾ ਹੀ ਚੁਕਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮੰਡੀਆਂ ਵਿਚ ਬੈਠ ਕੇ ਆਪਣੀ ਫ਼ਸਲ ਦੀ ਰਾਖੀ ਕਰਨ ਲਈ ਮਜਬੂਰ ਹਨ, ਜਦਕਿ ਮੌਸਮ ਦੀ ਮਾਰ ਦਾ ਖ਼ਤਰਾ ਵੀ ਲਗਾਤਾਰ ਬਣਿਆ ਹੋਇਆ ਹੈ। ਆਗੂਆਂ ਨੇ ਸਰਕਾਰ ਤੇ ਪ੍ਰਸ਼ਾਸਨ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਅਣਗਹਿਲੀ ਵਰਤਣ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ, ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਸਰਕਾਰੀ ਘੱਟੋ-ਘੱਟ ਸਮਰਥਨ ਮੁੱਲ ਤੇ ਪੂਰ੍ਹੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਹਾਈਵੇ ਤੇ ਫਸੇ ਰਾਹਗੀਰਾਂ, ਮਰੀਜ਼ਾਂ, ਵਿਦਿਆਰਥੀਆਂ ਅਤੇ ਨੌਕਰੀ-ਪੇਸ਼ਾ ਲੋਕਾਂ ਨੂੰ ਲੰਮਾ ਸਮਾਂ ਜਾਮ ਵਿਚ ਉਲਝੇ ਰਹਿਣਾ ਪਿਆ। ਕਈ ਥਾਵਾਂ ਤੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਦਾ ਸਹਾਰਾ ਲੈਣਾ ਪਿਆ। ਸੂਚਨਾ ਮਿਲਣ ਤੇ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਕੇ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ।