ਮੰਡੀ ਵਿੱਚ ਕਣਕ ਦੀ ਖ਼ਰੀਦ ਨਾ ਹੋਣ ਤੋਂ ਕਿਸਾਨ ਪਰੇਸ਼ਾਨ
ਮੰਡੀਆਂ ਦੇ ਵਿੱਚ ਪਿਛਲੇ ਇੱਕ ਹਫਤੇ
Publish Date: Mon, 13 Apr 2026 07:12 PM (IST)
Updated Date: Tue, 14 Apr 2026 04:08 AM (IST)
-ਕਿਹਾ, ਪਹਿਲਾਂ ਕੁਦਰਤੀ ਮਾਰ ਤੇ ਹੁਣ ਅਧਿਕਾਰੀ ਨਹੀਂ ਕਰਵਾ ਰਹੇ ਕਣਕ ਦੀ ਖ਼ਰੀਦ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮੰਡੀਆਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਦਾ ਕਹਿਣਾ ਕਿ ਨਾ ਤਾਂ ਮੰਡੀਆਂ ਵਿੱਚ ਬਾਰਦਾਨਾ ਪਹੁੰਚਿਆ ਹੈ ਤੇ ਨਾ ਹੀ ਇੰਸਪੈਕਟਰਾਂ ਦੀ ਹੜਤਾਲ ਦੇ ਕਾਰਨ ਕਿਸਾਨਾਂ ਦੀ ਕਣਕ ਖ਼ਰੀਦੀ ਜਾ ਰਹੀ ਹੈ। ਕਿਸਾਨ ਆਗੂ ਜਗਦੇਵ ਸਿੰਘ ਅਤੇ ਨਾਜ਼ਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਸੀ ਪਰ ਪੰਜਾਬ ਵਿੱਚ ਬਰਸਾਤ ਅਤੇ ਗੜ੍ਹੇਮਾਰੀ ਦੇ ਕਾਰਨ ਕਣਕਾਂ ਦੀ ਕਟਾਈ ਲੇਟ ਹੋਣ ਕਾਰਨ ਕਿਸਾਨਾਂ ਨੂੰ ਹੁਣ ਮੰਡੀਆਂ ਦੇ ਵਿੱਚ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਦੀ ਅਨਾਜ ਮੰਡੀ ਵਿੱਚ ਬੈਠੇ ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ ਇੱਕ ਹਫ਼ਤੇ ਤੋਂ ਕਣਕ ਦੀ ਫ਼ਸਲ ਮੰਡੀ ਵਿੱਚ ਲੈ ਕੇ ਬੈਠੇ ਹੋਏ ਹਨ, ਪਰ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੇ ਦਿਨੀਂ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਣਕ ਦੇ ਚਾੜ ਵਿੱਚ ਅਸਰ ਪਿਆ ਹੈ, ਉੱਥੇ ਹੀ ਮੰਡੀਆਂ ਵਿੱਚ ਵੀ ਹੁਣ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਖ਼ਰੀਦ ਇੰਸਪੈਕਟਰਾਂ ਦੀ ਹੜਤਾਲ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਬੈਠੇ ਹਨ, ਪਰ ਦੂਸਰੇ ਪਾਸੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਮੰਡੀਆਂ ਵਿੱਚ ਬਾਰਦਾਨਾ ਪਹੁੰਚ ਰਿਹਾ ਹੈ ਤੇ ਨਾ ਹੀ ਖ਼ਰੀਦ ਕਰਵਾਉਣ ਲਈ ਅਧਿਕਾਰੀ ਪਹੁੰਚ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਖੱਜਲ ਖੁਆਰੀ ਕਰਨ ਵਾਲੇ ਖ਼ਰੀਦ ਇੰਸਪੈਕਟਰਾਂ ਤੇ ਕਾਰਵਾਈ ਕੀਤੀ ਜਾਵੇ ਕਿਉਂਕਿ ਕਿਸਾਨ ਪਹਿਲਾਂ ਹੀ ਕੁਦਰਤੀ ਮਾਰ ਝੱਲ ਰਿਹਾ ਹੈ ਅਤੇ ਹੁਣ ਮੰਡੀਆਂ ਵਿੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।