ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਤਾਇਆ ਰੋਸ, ਕੀਤੀ ਨਾਅਰੇਬਾਜ਼ੀ
ਪਿਛਲੇ 12 ਦਿਨਾਂ ਤੋਂ ਡੀਸੀ ਦਫਤਰਾਂ
Publish Date: Thu, 10 Sep 2026 07:56 PM (IST)
Updated Date: Fri, 11 Sep 2026 04:08 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਇਆ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਨੇ ਅੱਜ 12ਵੇਂ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਧਰਨੇ ਦੌਰਾਨ ਕਿਸਾਨਾਂ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਤੇ ਮਹਿੰਦਰ ਸਿੰਘ ਨੇ ਕਿਹਾ ਕਿ ਪਿਛਲੇ 12 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ, ਪਰ ਅਜੇ ਤੱਕ ਪੰਜਾਬ ਸਰਕਾਰ ਦੇ ਕੰਨਾਂ ਤੱਕ ਕਿਸਾਨਾਂ ਦੀ ਆਵਾਜ਼ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹੀਂ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਦਫ਼ਤਰਾਂ ਦਾ ਘਿਰਾਓ ਕੀਤਾ ਤਾਂ ਲੋਕਲ ਮੰਗਾਂ ਮੰਨਣ ਦਾ ਡਿਪਟੀ ਕਮਿਸ਼ਨਰ ਵੱਲੋਂ ਭਰੋਸਾ ਦਿੱਤਾ ਗਿਆ। ਪਰ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਅਜੇ ਤੱਕ ਪੰਜਾਬ ਦੇ ਮੁੱਖ ਮੰਤਰੀ ਨੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਬੈਠੇ ਕਿਸਾਨਾਂ ਲਈ ਮੂੰਹ ਤੱਕ ਨਹੀਂ ਖੋਲ੍ਹਿਆ। ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਸੂਬਾ ਬਾਡੀ ਦੇ ਆਦੇਸ਼ ਤੇ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ਕੀਤਾ ਜਾਵੇਗਾ ਕਿਉਂਕਿ 2027 ਦੀਆਂ ਚੋਣਾਂ ਨਜ਼ਦੀਕ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਨਾਲ ਗੱਲਬਾਤ ਨਹੀਂ ਕੀਤੀ ਜਾ ਰਹੀ।