ਕਿਸਾਨਾਂ ਨੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਡੀਸੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਮਾਨਸਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ
Publish Date: Sat, 15 Nov 2025 07:08 PM (IST)
Updated Date: Sat, 15 Nov 2025 07:11 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰ ਦੇਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਮੰਡੀਆਂ ਵਿੱਚ ਤੁਰੰਤ ਖ਼ਰੀਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਰਾਮ ਸਿੰਘ, ਜਗਸੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਜ਼ਿਲ੍ਹਾ ਫੂਡ ਕੰਟਰੋਲਰ ਅਫ਼ਸਰ ਦੇ ਦਫ਼ਤਰ ਧਰਨਾ ਦੇਣ ਲਈ ਪਹੁੰਚੇ ਸੀ ਪਰ ਕੋਈ ਅਧਿਕਾਰੀ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਫ਼ਸਲ ਰੁਲ ਰਹੀ ਹੈ। ਜ਼ਿਲ੍ਹੇ ਦੀਆਂ 65 ਦੇ ਕਰੀਬ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਹਾਲੇ ਝੋਨੇ ਦੀ ਫ਼ਸਲ ਖੜ੍ਹੀ ਹੈ ਤੇ ਕਈ ਕਿਸਾਨਾਂ ਦੇ ਘਰਾਂ ਵਿੱਚ ਝੋਨਾ ਪਿਆ ਹੈ। ਪਰ ਸਰਕਾਰ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ ਪਰ ਉਸ ਦਿਨ ਅਧਿਕਾਰੀਆਂ ਦੇ ਵਿਸ਼ਵਾਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਹਾਲੇ ਵੀ ਕਿਸਾਨਾਂ ਦੀ ਫ਼ਸਲ ਦਾ ਕੋਈ ਹੱਲ ਨਹੀਂ ਹੋਇਆ। ਜੇਕਰ ਜਲਦੀ ਹੀ ਮੰਡੀਆਂ ਵਿੱਚ ਖ਼ਰੀਦ ਸ਼ੁਰੂ ਕਰ ਕੇ ਝੋਨਾ ਨਾ ਖ਼ਰੀਦਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।