ਮਾਨਸਾ ਡੀਸੀ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ
Publish Date: Tue, 06 Oct 2026 05:12 PM (IST)
Updated Date: Tue, 06 Oct 2026 05:14 PM (IST)
ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣ ਮਾਨਸਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਦਫ਼ਤਰ ਦੇ ਗੇਟ ’ਤੇ ਧਰਨਾ ਲਗਾ ਕੇ ਲੋਕਾਂ ਅਤੇ ਅਧਿਕਾਰੀਆਂ ਨੂੰ ਅੰਦਰ ਜਾਣ ਤੋਂ ਰੋਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨ ਆਗੂ ਰਾਮ ਸਿੰਘ ਨੇ ਕਿਹਾ ਕਿ ਬੀਤੇ ਦਿਨ ਤੋਂ ਚੱਲ ਰਹੇ ਪ੍ਰਦਰਸ਼ਨ ਦੇ ਦੂਜੇ ਦਿਨ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਸਟੇਜ ’ਤੇ ਕਿਕਲੀ ਪਾਉਣ ਅਤੇ ਤੀਰਅੰਦਾਜ਼ੀ ਦਾ ਪ੍ਰਦਰਸ਼ਨ ਕਰਨ ਦਾ ਹਵਾਲਾ ਦਿੰਦਿਆਂ ਕਿਸਾਨ ਆਗੂਆਂ ਨੇ ਸਵਾਲ ਕੀਤਾ ਕਿ ਅਜਿਹੀਆਂ ਗਤੀਵਿਧੀਆਂ ਦੀ ਬਜਾਏ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣ ਦੀ ਲੋੜ ਹੈ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਵੱਲੋਂ ਸਟੇਜ ’ਤੇ ਮੰਜਾ ਰੱਖ ਕੇ ਕੀਤੇ ਜਾਣ ਵਾਲੇ ਦਾਅਵਿਆਂ ’ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕ ਸਵਾਲ ਪੁੱਛਣਗੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਿਸਾਨ ਕਰਜ਼ੇ ਦੀ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਨੌਜਵਾਨਾਂ ਨਾਲ ਜੁੜੀਆਂ ਸਮੱਸਿਆਵਾਂ ਵੀ ਗੰਭੀਰ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਠੋਸ ਕਾਰਵਾਈ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ।