ਕੰਪਿਊਟਰ ਅਧਿਆਪਕ 20 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰ ਪੱਕੇ ਮੋਰਚੇ ਦੀ ਸ਼ੁਰੂਆਤ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ
Publish Date: Tue, 15 Sep 2026 05:10 PM (IST)
Updated Date: Tue, 15 Sep 2026 05:11 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ - ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਜੋਨੀ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਈਸ਼ਰ ਸਿੰਘ ਨੇ ਕਰਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜੱਥੇਬੰਦੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂ ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜ਼ਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਇਕਾਈ ਬਠਿੰਡਾ ਦੇ ਜ਼ਿਲ੍ਹਾ ਆਗੂ ਗੁਰਬਖਸ਼ ਲਾਲ ਨੇ ਦੱਸਿਆ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਬਠਿੰਡਾ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਆਗੂਆਂ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰ੍ਹੀ ਤਨਦੇਹੀ ਨਾਲ ਆਪਣੀ ਸੇਵਾ ਨਿਭਾਅ ਰਹੇ ਹਨ, ਪਰ ਰੈਗੂਲਰ ਨੋਟੀਫ਼ਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ੍ਹ ਬਿੰਨ੍ਹ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 116 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨ੍ਹਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨ੍ਹਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇੰਨ੍ਹ ਬਿੰਨ੍ਹ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਸਮੇਂ ਜ਼ਿਲ੍ਹਾ ਬਠਿੰਡਾ ਦੇ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਸਨ, ਜਿੰਨ੍ਹਾਂ ਵਿੱਚੋਂ ਸੈਫੀ ਗੋਇਲ, ਗੁਰਦੀਪ ਸਿੰਘ, ਸੁਮੀਤ ਗੋਇਲ, ਬਲਰਾਜ ਸਿੰਘ ਨਵਪ੍ਰੀਤ ਸਿੰਘ, ਅੰਸ਼ੁਮਣ ਕਾਂਸਲ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਭੁਚੋ, ਮਨਦੀਪ ਕੁਮਾਰ, ਸਿਮਰਨਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਭੂੰਦੜ, ਨਵਨੀਤ ਮਿੱਤਲ, ਸੁਖਜਿੰਦਰ ਸਿੰਘ, ਕਮਲਜੀਤ ਸਿੰਘ, ਹਰਜੀਵਨ ਸਿੰਘ, ਗੁਰਪ੍ਰੀਤ ਸਿੰਘ ਤਾਰੂਆਣਾ, ਵਿਜੇ ਸ਼ਰਮਾ ਹਾਜ਼ਰ ਸਨ।