ਵਿਧਾਇਕ ਨੇ ਪਿੰਡ ਜਲਵੇੜਾ ’ਚ ਲੋਕਾਂ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ
Publish Date: Thu, 26 Mar 2026 06:59 PM (IST)
Updated Date: Thu, 26 Mar 2026 07:02 PM (IST)
- ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਮਿਸਾਲੀ ਪ੍ਰਾਪਤੀਆਂ ਗਿਣਵਾਈਆਂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਚਲਾਈ ਜਾ ਰਹੀ ਮੁਹਿੰਮ ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਪਿੰਡ ਜਲਵੇੜਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਐੱਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ। ਵਿਧਾਇਕ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਿਰਫ਼ ਬਰੇਟਾ ਅੰਦਰ ਕਰੀਬ 15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਵਿਚ ਲਗਭਗ ਚਾਰ ਕਰੋੜ ਰੁਪਏ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਮੁੱਚੇ ਹਲਕੇ ਵਿੱਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਲਈ 151 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 66 ਸੜਕਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਅਤੇ 77 ਹੋਰ ਸੜਕਾਂ ਤੇ ਫਿਰਨੀਆਂ ਲਈ 111 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਪਿੰਡ ਦੇ ਪੰਚ, ਸਰਪੰਚ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ’ਤੇ ਪੂਰਨ ਤਸੱਲੀ ਪ੍ਰਗਟਾਈ।