ਮੁਲਾਜ਼ਮਾਂ ਦੀ ਹੜਤਾਲ, ਆਮ ਲੋਕ ਹੋਏ ਖੱਜਲ ਖੁਆਰ ਰਾਜ ਭਰ ਵਿੱਚ ਸਰਕਾਰੀ ਮੁਲਾਜ਼ਮਾਂ
Publish Date: Thu, 20 Aug 2026 06:25 PM (IST)
Updated Date: Fri, 21 Aug 2026 04:04 AM (IST)
ਫ਼ੋਟੋ : 12 ਐਮਏਐਨ ਕੈਪਸ਼ਨ : ਹੜ੍ਹਤਾਲ ਦੌਰਾਨ ਰੋਸ ਜਤਾਉਂਦੇ ਹੋਏ ਮੁਲਾਜ਼ਮ। ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਰਾਜ ਭਰ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਢੀ ਗਈ ਹੜਤਾਲ ਜ਼ਿਲ੍ਹਾ ਮਾਨਸਾ ਵਿੱਚ ਵੀ ਅੱਜ ਚੌਥੇ ਦਿਨ ਲਗਾਤਾਰ ਜਾਰੀ ਰਹੀ। ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਸਮੁੱਚੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਾਜ ਮੁਕੰਮਲ ਤੌਰ ਤੇ ਠੱਪ ਹੋ ਕੇ ਰਹਿ ਗਿਆ ਹੈ, ਜਿਸ ਨਾਲ ਆਮ ਜਨਤਾ ਨੂੰ ਭਾਰੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਹਿਸੀਲ ਦਫ਼ਤਰਾਂ, ਸੁਵਿਧਾ ਕੇਂਦਰਾਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਹੋਰ ਸਾਰੇ ਸਰਕਾਰੀ ਵਿਭਾਗਾਂ ਵਿੱਚ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੀਟਾਂ ਖ਼ਾਲੀ ਪਈਆਂ ਹਨ। ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਸਾਰਾ ਦਿਨ ਸਰਕਾਰੀ ਦਫ਼ਤਰਾਂ ਵਿੱਚ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਹਰੇ ਗੂੰਜਦੇ ਰਹੇ। ਰਜਿਸਟਰੀਆਂ, ਜਾਤੀ ਤੇ ਰਿਹਾਇਸ਼ੀ , ਜਨਮ ਮੌਤ ਸਰਟੀਫ਼ਿਕੇਟ, ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਬਣਵਾਉਣ ਆਏ ਲੋਕ ਦਿਨ ਭਰ ਦਫ਼ਤਰਾਂ ਦੇ ਗੇੜੇ ਮਾਰ ਕੇ ਖ਼ਾਲੀ ਹੱਥ ਪਰਤਣ ਲਈ ਮਜਬੂਰ ਹਨ। ਦੂਰ-ਦੁਰਾਡੇ ਦੇ ਪਿੰਡਾਂ ਤੋਂ ਆਏ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਮੁਲਾਜ਼ਮਾਂ ਦੀ ਇਸ ਖਿੱਚੋਤਾਣ ਵਿੱਚ ਪਿਸਣਾ ਆਮ ਜਨਤਾ ਨੂੰ ਪੈ ਰਿਹਾ ਹੈ। ਇਸ ਦੌਰਾਨ ਪੰਜਾਬ ਸਟੇਟ ਮਿਨੀਸਟ੍ਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਡੀ.ਸੀ. ਦਫ਼ਤਰ ਦੇ ਪ੍ਰਧਾਨ ਤੇ ਸਟੇਟ ਕਾਨੂੰਨੀ ਸਲਾਹਕਾਰ ਹਰਪ੍ਰੀਤ ਸਿੰਘ, ਸਿਹਤ ਵਿਭਾਗ ਦੇ ਪ੍ਰਧਾਨ ਸੰਦੀਪ ਸਿੰਘ ਬਾਲੀਆ, ਵਾਟਰ ਸਪਲਾਈ ਵਿਭਾਗ ਤੋਂ ਸੁਖਵਿੰਦਰ ਸਿੰਘ ਅਤੇ ਪੀ.ਡਬਲਯੂ.ਡੀ. ਤੋਂ ਯਾਦਵਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਸਰਕਾਰ ਵੱਲੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਕੱਲ੍ਹ ਨੂੰ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਸਰਕਾਰ ਵੱਲੋਂ ਡੀ.ਏ. (ਮਹਿੰਗਾਈ ਭੱਤੇ) ਸਬੰਧੀ ਜਾਰੀ ਕੀਤੇ ਗਏ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰਦੀ, ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਦੂਜੇ ਪਾਸੇ ਪ੍ਰੇਸ਼ਾਨ ਲੋਕਾਂ ਨੇ ਪ੍ਰਸ਼ਾਸਨ ਅਤੇ ਰਾਜ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢ ਕੇ ਦਫ਼ਤਰੀ ਕੰਮਕਾਜ ਬਹਾਲ ਕਰਵਾਇਆ ਜਾਵੇ ਤਾਂ ਜੋ ਆਮ ਲੋਕਾਂ ਦੀ ਖ਼ੁਆਰੀ ਬੰਦ ਹੋ ਸਕੇ।