ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈ.ਏ.ਐਸ.
Publish Date: Thu, 26 Feb 2026 07:48 PM (IST)
Updated Date: Thu, 26 Feb 2026 07:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵ੍ਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ, ਲਈ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵ੍ਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨਾਂ ਵ੍ਹੀਕਲ ਤੋਂ ਨੰਬਰ ਪਲੇਟ ਬਣਾ ਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾ ਕੇ ਹੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਂ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖ਼ਤੀ ਪਰੂਫ਼ ਨਾਲ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰ, ਚੈਸੀ ਨੰਬਰ, ਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰ ਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਦੁਕਾਨਦਾਰਾਂ ਵੱਲੋਂ ਸੀਸੀਟੀਵੀ ਕੈਮਰੇ ਲਗਵਾਏ ਜਾਣ, ਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ। ਇਹ ਹੁਕਮ 31 ਮਾਰਚ ਤਕ ਲਾਗੂ ਰਹੇਗਾ।