ਸਿਹਤ ਵਿਭਾਗ ਮਾਨਸਾ ਦੀ ਮੁੱਖ ਮੰਤਰੀ ਸਿਹਤ ਯੋਜਨਾ ਝਾਕੀ ਰਹੀ ਅੱਵਲ
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ
Publish Date: Wed, 28 Jan 2026 08:27 PM (IST)
Updated Date: Thu, 29 Jan 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਡਾ. ਰਵਜੋਤ ਸਿੰਘ ਸੰਸਦੀ ਕਾਜ ਤੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਸਿਹਤ ਵਿਭਾਗ ਮਾਨਸਾ ਵੱਲੋਂ ਤਿਆਰ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸਬੰਧੀ ਝਾਕੀ ਨੂੰ ਅੱਵਲ ਆਉਣ ’ਤੇ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਅਤੇ ਮਾਸ ਮੀਡੀਆ ਵਿੰਗ ਦੀ ਟੀਮ ਨੂੰ ਸਨਮਾਨਿਤ ਕੀਤਾ। ਇੱਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ ਰਹਿੰਦੇ ਪਰਿਵਾਰ ਦਾ 10 ਲੱਖ ਰੁਪਏ ਤੱਕ ਦਾ ਸਾਲਾਨਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ, ਜਿੱਥੇ ਹਰ ਪਰਿਵਾਰ ਪ੍ਰਤੀ ਸਾਲ ਇਸ ਸਹੂਲਤ ਦਾ ਲਾਭ ਲਵੇਗਾ।
ਸਿਹਤ ਯੋਜਨਾ ਅਧੀਨ 2356 ਇਲਾਜ ਦੇ ਪੈਕੇਜ ਉਪਲੱਬਧ ਹਨ (ਦਿਲ ਨਾਲ ਸਬੰਧਤ ਬਿਮਾਰੀਆਂ ਦਾ ਇਲਾਜ, ਕੈਂਸਰ ਦਾ ਇਲਾਜ, ਗੁਰਦਿਆਂ ਦਾ ਡਾਇਲਾਸਿਸ, ਦਿਮਾਗ ਦੀ ਸਰਜਰੀ ਆਦਿ ਇਸ ਵਿੱਚ ਕਵਰ ਕੀਤੇ ਜਾਂਦੇ ਹਨ) ਇਹ ਯੋਜਨਾ ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਅਤੇ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਦੇਖਭਾਲ ਦਾ ਖਰਚਾ, ਆਈਸੀਯੂ, ਕ੍ਰਿਟੀਕਲ ਕੇਅਰ ਸੇਵਾਵਾਂ, ਜਾਂਚ, ਦਵਾਈਆਂ, ਖਪਤਕਾਰ ਅਤੇ ਸਰਜਰੀਆਂ ਵੀ ਨਿਯਮਾਂ ਅਨੁਸਾਰ ਕਵਰ ਕਰਦੀ ਹੈ। ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਲਾਭਪਾਤਰੀ ਵੱਲੋਂ ਕਿਸੇ ਵੀ ਸੂਚੀਬੱਧ ਕੀਤੇ ਹਸਪਤਾਲ ਵਿੱਚ ਇਲਾਜ ਕਰਵਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਸਿਹਤ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਦੀ ਲੋੜ ਹੁੰਦੀ ਹੈ ਅਤੇ ਜੇਕਰ ਮੈਂਬਰ ਨਾਬਾਲਗ ਹੈ ਤਾਂ ਉਸ ਦਾ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈ.ਡੀ. ਕਾਰਡ ਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਲਗਾਉਣ ਦੀ ਲੋੜ ਹੋਵੇਗੀ। ਮੁੱਖ ਮੰਤਰੀ ਸਿਹਤ ਕਾਰਡ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ‘ਕਾਮਨ ਸਰਵਿਸ ਸੈਂਟਰਾਂ’ ਰਾਹੀਂ ਕਾਰਡ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮਾਨਸਾ ਵਿਖੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਤੇ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਸਿਹਤ ਵਿਭਾਗ ਮਾਨਸਾ ਨੂੰ ਕੁਲ 6 ਸਨਮਾਨ ਪੱਤਰ ਮਿਲਣ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ.ਏ.ਐਸ. ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਮਾਨਸਾ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਰਹੇਗਾ।