ਵਧੀਆ ਸਿਹਤ ਸੇਵਾਵਾਂ ਲਈ ਸਿਹਤ ਵਿਭਾਗ ਦਾ ਕੀਤਾ ਸਨਮਾਨ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ
Publish Date: Fri, 20 Nov 2026 05:59 PM (IST)
Updated Date: Fri, 20 Nov 2026 06:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਅਤੇ ਡਾਇਰੈਕਟਰ ਸਿਹਤ ਵਿਭਾਗ ਡਾ. ਅਨਿਲ ਗੋਇਲ ਦੀ ਹਾਜ਼ਰੀ ਵਿੱਚ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਸਬੰਧੀ ਚੰਡੀਗੜ੍ਹ ਵਿਖੇ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਦੀ ਕਾਨਫ਼ਰੰਸ ਹੋਈ। ਇਸ ਕਾਨਫ਼ਰੰਸ ਵਿੱਚ ਜੱਚਾ ਬੱਚਾ ਸਿਹਤ ਸੇਵਾਵਾਂ ਤਹਿਤ ਗਰਭਵਤੀ ਔਰਤਾਂ ਦੀ ਪਹਿਲੀ ਤਿਮਾਹੀ ਵਿੱਚ ਰਜਿਸਟਰੇਸ਼ਨ ਦਾ ਵਧੀਆ ਕੰਮ ਕਰਨ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਇਗਨੋਸਟਿਕ ਸਬੰਧੀ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਗਿਆ। ਉਨ੍ਹਾਂ ਨੇ ਜ਼ਿਲ੍ਹਾ ਮਾਨਸਾ ਨੂੰ ਇਸ ਸ਼ਲਾਘਾਯੋਗ ਉਪਲੱਬਧੀ ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅੱਗੇ ਤੋਂ ਵੀ ਵੱਧ-ਚੜ੍ਹ ਕੇ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ, ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ. ਦੀ ਅਗਵਾਈ ਵਿੱਚ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ ਤਹਿਤ ਸਿਵਲ ਹਸਪਤਾਲ ਅਤੇ ਸਬ ਡਵੀਜਨਲ ਹਸਪਤਾਲਾਂ ਵਿਖੇ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਅਤੇ ਮੁਫ਼ਤ ਲੈਬ ਟੈਸਟ ਕੀਤੇ ਜਾਂਦੇ ਹਨ, ਉਨ੍ਹਾਂ ਲੋਕਾਂ ਅਪੀਲ ਕੀਤੀ ਕਿ ਹਰੇਕ ਗਰਭਵਤੀ ਔਰਤ ਵੱਲੋਂ ਆਪਣੀ ਰਜਿਸਟ੍ਰੇਸ਼ਨ ਪਹਿਲੀ ਤਿਮਾਹੀ ਵਿੱਚ ਕਰਵਾਈ ਜਾਵੇ ਤਾਂ ਕਿ ਗਰਭਅਵਸਥਾ ਦੌਰਾਨ ਹੋਣ ਵਾਲੇ ਖਤਰੇ ਦੀ ਸਮੇਂ ਸਿਰ ਪਛਾਣ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 32 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਸ ਵਿੱਚ ਵੀ ਗਰਭਵਤੀ ਔਰਤਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਲੈਬ ਟੈਸਟ ਕੀਤੇ ਜਾ ਰਹੇ ਹਨ।