ਐੱਨਐੱਚਐੱਮ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੋਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਸਿਹਤ ਵਿਭਾਗ ਵਿੱਚ ਯੋਗ ਪ੍ਰਣਾਲੀ ਰਾਂਹੀ
Publish Date: Wed, 26 Aug 2026 05:29 PM (IST)
Updated Date: Wed, 26 Aug 2026 05:31 PM (IST)
ਰੋਸ ਵਜੋਂ ਹੜ੍ਹਤਾਲ 2 ਸਤੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਜੇਕਰ ਜਲਦੀ ਮੰਗਾਂ ਨਾ ਮੰਨੀਆਂ ਤਾਂ ਵਿੱਤ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ : ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਿਹਤ ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਐਨਐਚਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਸਬੰਧ ਵਿੱਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਗਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨਐਚਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਹੈ, ਜਿਸ ਕਰਕੇ ਐਨਐਚਐਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਸਿੱਟੇ ਵਜੋਂ ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਚਲ ਰਹੀ ਹੜ੍ਹਤਾਲ ਨੂੰ 2 ਸਤੰਬਰ ਤੱਕ ਵਧਾ ਦਿੱਤਾ ਹੈ। ਇਸ ਹੜਤਾਲ ’ਚ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਕਰਮਚਾਰੀਆਂ ਦੀ ਹੜ੍ਹਤਾਲ ਕਾਰਨ ਸਿਹਤ ਸੇਵਾਵਾਂ ਬੁਰ੍ਹੀ ਤਰ੍ਹਾਂ ਪ੍ਰਭਾਵਿਤ ਰਹੀਆਂ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੀਆਂ ਗਈਆਂ ਲੱਗਭੱਗ 52 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਬੱਸ ਲਾਰਿਆਂ ਦੀ ਪੰਡ ਦੇ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ। ਇਸ ਮੌਕੇ ਗੱਲਾਂ ਐਨ.ਐਚ.ਐਮ ਇੰਪਲਾਈਜ ਯੂਨੀਅਨ ਪੰਜਾਬ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 02 ਸਤੰਬਰ ਤੱਕ ਕੰਮ ਛੱਡੋ ਹੜ੍ਹਤਾਲ ਦਾ ਐਲਾਨ ਕੀਤਾ ਹੈ। ਕੰਮ ਛੱਡੋ ਹੜ੍ਹਤਾਲ ਵਿੱਚ ਵਾਧੇ ਦਾ ਪੱਤਰ ਸਿਵਲ ਸਰਜਨ ਮਾਨਸਾ ਨੂੰ ਦਿੱਤਾ ਗਿਆ। ਇਸ ਹੜ੍ਹਤਾਲ ਦੌਰਾਨ ਐਨ. ਐਚ. ਐਮ ਮੁਲਾਜ਼ਮ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਸਰਕਾਰ ਨੂੰ ਗੂੜੀ ਨੀਂਦ ‘ਚੋਂ ਜਗਾਉਣ ਦੀ ਕੋਸ਼ਿਸ ਕਰਨਗੇ। ਉਨ੍ਹਾਂ ਸਖ਼ਤ ਸ਼ਬਦਾਂ ’ਚ ਕਿਹਾ ਕਿ ਜੇਕਰ ਸਰਕਾਰ ਐਨਐਚਐਮ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂਕਿ ਬਰਾਬਰ ਕੰਮ ਬਰਾਬਰ ਤਨਖ਼ਾਹ, ਗ੍ਰੈਚੁਟੀ, ਉਮਰ ਹੱਦ ਵਾਧਾ ਆਦਿ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ’ਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਬਿਆਨ ਸਾਂਝਾ ਕਰਦਿਆਂ ਹੋਇਆਂ ਯੂਨੀਅਨ ਦੇ ਆਗੂ ਕਰਮਵੀਰ ਕੌਰ ਅਤੇ ਰਾਜਵੀਰ ਕੌਰ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਹੀਂ ਕਰਦੀ ਤਾਂ ਐਨ. ਐਚ. ਐਮ ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ਤੇ ਘਿਰਾਓ ਕੀਤਾ ਜਾਵੇਗਾ। ਲਵਲੀ ਗੋਇਲ, ਅਵਤਾਰ ਸਿੰਘ ਅਤੇ ਜਗਦੇਵ ਸਿੰਘ ਨੇ ਸਾਝੀ ਆਵਾਜ਼ ਵਿੱਚ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਜੇਕਰ ਸਰਕਾਰ ਦੁਆਰਾ ਫ਼ਿਰ ਟਾਲ ਮਟੋਲ ਦੀ ਨੀਤੀ ਵਰਤਦੀ ਹੈ ਤਾਂ ਸਾਨੂੰ ਮਜਬੂਰ ਹੋ ਕੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣਾ ਪਵੇਗਾ ਅਤੇ ਜਲਦੀ ਹੀ ਵਿੱਤ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ। ਇਸ ਹੜ੍ਹਤਾਲ ਦੌਰਾਨ ਪ੍ਰਭਵਿਤ ਹੋਣ ਵਾਲੀਆਂ ਸਿਹਤ ਸੇਵਾਵਾਂ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਵਿਭਾਗ ਦੀ ਹੋਵੇਗੀ। ਇਸ ਮੌਕੇ ਰੇਨੂੰ ਸਿੰਗਲਾ, ਹੈਰੀ ਗੋਇਲ, ਸ਼ਰਨਜੀਤ ਕੌਰ, ਦੀਪ ਸਿਖਾ, ਮੀਨਾਕਸ਼ੀ ਗੋਇਲ, ਰੋਬਿਨ ਮਿੱਤਲ ਆਦਿ ਹਾਜਿਰ ਸਨ।