ਐਨਐਚਐਮ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਸਿਹਤ ਵਿਭਾਗ ਵਿੱਚ ਯੋਗ ਪ੍ਰਣਾਲੀ
Publish Date: Fri, 14 Aug 2026 04:08 PM (IST)
Updated Date: Fri, 14 Aug 2026 04:11 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਿਹਤ ਵਿਭਾਗ ’ਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ’ਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਐਨਐਚਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਸਬੰਧ ’ਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਗਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨਐਚਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਹੈ, ਜਿਸ ਕਰਕੇ ਐੱਨਐੱਚਐੱਮ ਕਰਮਚਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਸਿੱਟੇ ਵਜੋਂ ਐੱਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ 13 ਅਤੇ 14 ਅਗਸਤ ਦੀ ਰੋਜ਼ਾਨਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਇਸ ਹੜਤਾਲ ਦੇ ਅੱਜ ਪਹਿਲੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਵੱਲੋਂ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪਣੇ ਭਵਿੱਖ ਤੇ ਹੌਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਅੱਜ ਆਪਣੀਆਂ ਹੱਕੀ ਜਾਇਜ਼ ਮੰਗਾਂ ਮੰਨਵਾਉਣ ਲਈ ਦੋ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਦੌਰਾਨ ਐਨਐਚਐਮ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਸਰਕਾਰ ਨੂੰ ਗੂੜੀ ਨੀਂਦ ’ਚੋਂ ਜਗਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸਖ਼ਤ ਸ਼ਬਦਾਂ ’ਚ ਕਿਹਾ ਕਿ ਜੇਕਰ ਸਰਕਾਰ ਐੱਨਐੱਚਐੱਮ ਮੁਲਾਜ਼ਮਾਂ ਦੀ ਮੁੱਖ ਮੰਗਾਂ ਜਿਵੇਂ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ, ਗਰੈਚੁਟੀ, ਉਮਰ ਹੱਦ ਵਾਧਾ ਆਦਿ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ’ਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਦਾ ਜਵਾਬ ਸਮੂਹ ਐਨਐਚਐਮ ਮੁਲਾਜ਼ਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੇਣਗੇ। ਇਸ ਮੌਕੇ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆਂ ਯੂਨੀਅਨ ਦੇ ਆਗੂ ਲਵਲੀ ਗੋਇਲ ਅਤੇ ਰਾਜਵੀਰ ਕੌਰ ਨੇ ਕਿਹਾ ਕਿ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਹੀਂ ਕਰਦੀ ਤਾਂ ਐਨਐਚਐਮ ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ’ਤੇ ਘਿਰਾਓ ਕੀਤਾ ਜਾਵੇਗਾ। ਕਰਮਵੀਰ ਕੌਰ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਜੇਕਰ ਸਰਕਾਰ ਦੁਆਰਾ ਫ਼ਿਰ ਟਾਲ ਮਟੋਲ ਦੀ ਨੀਤੀ ਵਰਤਦੀ ਹੈ ਤਾਂ ਸਾਨੂੰ ਮਜਬੂਰ ਹੋ ਕੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣਾ ਪਵੇਗਾ। ਇਸ ਦੌਰਾਨ ਹੜ੍ਹਤਾਲ ਪ੍ਰਭਵਿਤ ਹੋਣ ਵਾਲੀਆਂ ਸਿਹਤ ਸੇਵਾਵਾਂ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਵਿਭਾਗ ਦੀ ਹੋਵੇਗੀ। ਇਸ ਮੌਕੇ ਲਲਿਤ ਕੁਮਾਰ, ਜਗਦੇਵ ਸਿੰਘ, ਸੰਦੀਪ ਸਿੰਘ, ਰਾਜੇ ਸ਼ਿਆਮ, ਕਰਨਜੀਤ ਕੌਰ ਆਦਿ ਹਾਜ਼ਰ ਸਨ।