‘ਆਪ’ ਨੌਜਵਾਨਾਂ ਦੇ ਭਵਿੱਖ ਨਾਲ ਕਰ ਰਹੀ ਖਿਲਵਾੜ : ਸਿੰਗਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ
Publish Date: Fri, 20 Nov 2026 04:43 PM (IST)
Updated Date: Fri, 20 Nov 2026 04:46 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਪੀਸੀਐੱਸ ਅਤੇ ਅਲਾਈਡ ਸਰਵਿਸਿਜ਼ ਭਰਤੀ ਪ੍ਰੀਖਿਆ ’ਤੇ ਇਕ ਵਾਰ ਰੋਕ ਲਗਾਉਣ ਦੇ ਮਾਮਲੇ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਪੂਰ੍ਹੇ ਮਾਮਲੇ ਦੀ ਹਾਈਕੋਰਟ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਹਰ ਪਹਿਲੂ ਦੀ ਸੱਚਾਈ ਸਾਹਮਣੇ ਆ ਸਕੇ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਸਰਕਾਰ ਵੱਲੋਂ ਰੁਜ਼ਗਾਰ ਦੇਣ ਅਤੇ ਪਾਰਦਰਸ਼ੀ ਭਰਤੀ ਪ੍ਰਣਾਲੀ ਲਾਗੂ ਕਰਨ ਦੇ ਕੀਤੇ ਗਏ ਦਾਅਵਿਆਂ ਦੀ ਅਸਲੀਅਤ ਹੁਣ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਉਨ੍ਹਾਂ ਕਿਹਾ ਕਿ ਪੀਸੀਐੱਸ ਵਰਗੀ ਵੱਕਾਰੀ ਪ੍ਰੀਖਿਆ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੇ ਸਰਕਾਰ ਦੀ ਕਾਰਗੁਜ਼ਾਰੀ ਅਤੇ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਹੋਣਹਾਰ ਨੌਜਵਾਨ ਇਸ ਵੱਕਾਰੀ ਪ੍ਰੀਖਿਆ ਦੀ ਤਿਆਰੀ ਲਈ ਆਪਣੀ ਜ਼ਿੰਦਗੀ ਦੇ ਕਈ ਕੀਮਤੀ ਸਾਲ ਲਗਾ ਦਿੰਦੇ ਹਨ। ਪਰ ਜੇਕਰ ਅਜਿਹੀਆਂ ਮਹੱਤਵਪੂਰਨ ਭਰਤੀ ਪ੍ਰੀਖਿਆਵਾਂ ਦੀ ਨਿਰਪੱਖਤਾ ’ਤੇ ਹੀ ਸਵਾਲ ਉੱਠਣ ਲੱਗ ਪੈਣ ਤਾਂ ਇਹ ਸਿਰਫ਼ ਉਮੀਦਵਾਰਾਂ ਨਾਲ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਦੇ ਨੌਜਵਾਨ ਵਰਗ ਨਾਲ ਬੇਇਨਸਾਫ਼ੀ ਹੈ।