ਨਾਜਾਇਜ਼ ਸਬੰਧਾਂ ਦਾ ਖ਼ੌਫਨਾਕ ਅੰਤ: ਆਸ਼ਕ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ, ਕਾਤਲ ਪਤਨੀ ਸਮੇਤ 3 ਗ੍ਰਿਫ਼ਤਾਰ
ਮਾਨਸਾ ਪੁਲਿਸ ਨੇ ਪਿੰਡ ਕੋਟ ਧਰਮੂ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾਉਂਦੇ ਹੋਏ ਪਤਨੀ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ (ਐੱਸਐੱਸਪੀ) ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦਿੱਤੀ। ਐੱਸਐੱਸਪੀ ਨੇ ਦੱਸਿਆ ਕਿ 26 ਜੂਨ ਨੂੰ ਕੋਟ ਧਰਮੂ ਦੀ ਰਹਿਣ ਵਾਲੀ ਜਗਮੀਤ ਕੌਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੇ ਪਤੀ ਤਰਸੇਮ ਸਿੰਘ ਦਾ ਘਰ ਅੰਦਰ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਮਾਨਸਾ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 103 ਤਹਿਤ ਕੇਸ ਦਰਜ ਕੀਤਾ ਗਿਆ।
Publish Date: Sat, 27 Jun 2026 01:35 PM (IST)
Updated Date: Sat, 27 Jun 2026 01:37 PM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਮਾਨਸਾ ਪੁਲਿਸ ਨੇ ਪਿੰਡ ਕੋਟ ਧਰਮੂ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾਉਂਦੇ ਹੋਏ ਪਤਨੀ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ (ਐੱਸਐੱਸਪੀ) ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦਿੱਤੀ। ਐੱਸਐੱਸਪੀ ਨੇ ਦੱਸਿਆ ਕਿ 26 ਜੂਨ ਨੂੰ ਕੋਟ ਧਰਮੂ ਦੀ ਰਹਿਣ ਵਾਲੀ ਜਗਮੀਤ ਕੌਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੇ ਪਤੀ ਤਰਸੇਮ ਸਿੰਘ ਦਾ ਘਰ ਅੰਦਰ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਮਾਨਸਾ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 103 ਤਹਿਤ ਕੇਸ ਦਰਜ ਕੀਤਾ ਗਿਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਅਤੇ ਥਾਣਾ ਸਦਰ ਮਾਨਸਾ ਦੀਆਂ ਟੀਮਾਂ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਸ ਦੀ ਭਰਜਾਈ ਜਗਮੀਤ ਕੌਰ ਦੇ ਦੀਪ ਸਿੰਘ ਉਰਫ਼ ਕਾਲੂ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ।
ਪੁਲਿਸ ਜਾਂਚ ਦੌਰਾਨ ਜਗਮੀਤ ਕੌਰ ਅਤੇ ਦੀਪ ਸਿੰਘ ਉਰਫ਼ ਕਾਲੂ ਸਿੰਘ ਨੂੰ ਨਾਮਜ਼ਦ ਕਰਦਿਆਂ ਸਾਜ਼ਿਸ਼ ਤਹਿਤ ਕਤਲ ਕਰਨ ਦੀ ਧਾਰਾ 61(2) ਬੀਐੱਨਐੱਸ ਵੀ ਸ਼ਾਮਲ ਕਰ ਲਈ ਗਈ। ਪੁਲਿਸ ਨੇ ਜਗਮੀਤ ਕੌਰ ਨੂੰ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰਕੇ ਉਸ ਦਾ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ। ਪੁੱਛਗਿੱਛ ਦੌਰਾਨ ਦੀਪ ਸਿੰਘ ਨੇ ਕਥਿਤ ਤੌਰ ’ਤੇ ਖੁਲਾਸਾ ਕੀਤਾ ਕਿ ਉਸ ਨੇ ਆਪਣੇ ਸਾਥੀ ਗੋਬਿੰਦ ਸਿੰਘ ਨਾਲ ਮਿਲ ਕੇ ਰਾਤ ਸਮੇਂ ਘਰ ਦੀ ਕੰਧ ਟੱਪ ਕੇ ਪਰਨੇ ਨਾਲ ਤਰਸੇਮ ਸਿੰਘ ਦਾ ਗਲਾ ਘੁੱਟ ਕੇ ਕਤਲ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਗੋਬਿੰਦ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰ ਲਿਆ। ਦੋਵੇਂ ਦੋਸ਼ੀਆਂ ਨੂੰ ਡਰੇਨ ਪੁਲ ਸਹਾਰਨਾ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਪੁਲਿਸ ਵੱਲੋਂ ਕਤਲ ਵਿੱਚ ਵਰਤਿਆ ਗਿਆ ਪਰਨਾ, ਮੋਟਰਸਾਈਕਲ ਅਤੇ ਹੋਰ ਸਬੂਤ ਬਰਾਮਦ ਕਰਨ ਦੀ ਕਾਰਵਾਈ ਜਾਰੀ ਹੈ।