ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜ਼ਿਲ੍ਹਾ ਮਾਨਸਾ ’ਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਗਣਨਾ ਪ੍ਰਕਿਰਿਆ : ਡਿਪਟੀ ਕਮਿਸ਼ਨਰ ਨਵਜੋਤ ਕੌਰ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ
Publish Date: Tue, 23 Jun 2026 04:39 PM (IST)
Updated Date: Tue, 23 Jun 2026 04:40 PM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਮਾਨਸਾ ਵਿਚ 25 ਜੂਨ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਜ਼ਿਲ੍ਹੇ ਦੇ 645 ਬੀ.ਐੱਲ.ਓਜ਼ (ਬੂਥ ਲੈਵਲ ਅਫ਼ਸਰ) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫ਼ਾਰਮ ਦੇਣਗੇ ਅਤੇ ਉਨ੍ਹਾਂ ਨੂੰ ਭਰਵਾਉਣਗੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੇ ਗਣਨਾ ਫ਼ਾਰਮ ਭਰੇ ਜਾਣਗੇ। ਉਨ੍ਹਾਂ ਦੇ ਨਾਮ 03 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿਚ ਦਰਜ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਇਸ ਇਕ ਮਹੀਨਾ ਚੱਲਣ ਵਾਲੀ ਪ੍ਰਕਿਰਿਆ ਦੌਰਾਨ ਕਿਸੇ ਕਾਰਨ ਫ਼ਾਰਮ ਭਰਨ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਪ੍ਰਕਿਰਿਆ ਇਸ ਤੋਂ ਬਾਅਦ ਵੀ ਜਾਰੀ ਰਹੇਗੀ। ਇਸ ਤਹਿਤ 03 ਅਗਸਤ ਤੋਂ 02 ਸਤੰਬਰ ਤੱਕ ਦਾਅਵੇ ਅਤੇ ਇਤਰਾਜ ਲਏ ਜਾਣਗੇ, ਜਿਸ ਦੌਰਾਨ ਵੋਟਰ ਫ਼ਾਰਮ ਨੰਬਰ. 06 ਭਰ ਕੇ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 12 ਸਬੂਤਾਂ ਵਿੱਚੋ ਕੋਈ ਵੀ ਸਬੂਤ ਜਮ੍ਹਾਂ ਕਰਵਾ ਕੇ ਆਪਣੀ ਵੋਟ ਬਣਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ 01 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓਜ਼ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਵੋਟ ਬਣਵਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਵੀ 2516 ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦ੍ਰਿੜ੍ਹਤਾ ਪ੍ਰਗਟਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਜੇਕਰ ਕਿਸੇ ਨੂੰ ਇਸ ਪ੍ਰਕਿਰਿਆ ਦੌਰਾਨ ਕੋਈ ਸ਼ਿਕਾਇਤ ਹੈ, ਤਾਂ ਉਹ ਸਿੱਧੇ ਤੌਰ ਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਪੂਨਮ ਸਿੰਘ ਅਤੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਵੀ ਹਾਜ਼ਰ ਸਨ।