ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ: 'ਅਮਿਤ ਸ਼ਾਹ ਦਾ ਵਿਰੋਧ ਹੋਇਆ ਤਾਂ ਇਹ ਮੇਰਾ ਤੇ ਮੇਰੇ ਪੁੱਤਰ ਦਾ ਵਿਰੋਧ ਹੋਵੇਗਾ'
ਭੀਮ ਸਿੰਘ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਹ 17 ਅਤੇ 18 ਅਕਤੂਬਰ ਨੂੰ ਐਕਸ਼ਨ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ ਪਰ ਉਨ੍ਹਾਂ ਨੂੰ ਪਤਾ ਲੱਗਾ ਕਿ ਮੀਟਿੰਗਾਂ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਰੋਧ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸਾਬਕਾ ਫ਼ੌਜੀ ਹਨ ਅਤੇ ਉਨ੍ਹਾਂ ਨੇ ਭਾਰਤੀ ਫ਼ੌਜ ਵਿੱਚ ਸੇਵਾ ਨਿਭਾਈ ਹੈ।
Publish Date: Mon, 19 Oct 2026 12:16 PM (IST)
Updated Date: Mon, 19 Oct 2026 12:29 PM (IST)
ਹਰਕ੍ਰਿਸ਼ਨ ਸ਼ਰਮਾ, ਮਾਨਸਾ, ਪੰਜਾਬੀ ਜਾਗਰਣ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਵਿੱਚ ਧਰਨੇ ਵਾਲੀ ਥਾਂ ’ਤੇ ਆਉਂਦੇ ਹਨ ਅਤੇ ਉਨ੍ਹਾਂ ਦਾ ਕਿਸੇ ਵੱਲੋਂ ਵੀ ਵਿਰੋਧ ਕੀਤਾ ਜਾਂਦਾ ਹੈ ਤਾਂ ਇਹ ਵਿਰੋਧ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪੁੱਤਰ ਪਰਵਿੰਦਰ ਸਿੰਘ ਝੋਟਾ ਦਾ ਵੀ ਹੋਵੇਗਾ। ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਕਹੀ।
ਭੀਮ ਸਿੰਘ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਹ 17 ਅਤੇ 18 ਅਕਤੂਬਰ ਨੂੰ ਐਕਸ਼ਨ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ ਪਰ ਉਨ੍ਹਾਂ ਨੂੰ ਪਤਾ ਲੱਗਾ ਕਿ ਮੀਟਿੰਗਾਂ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਰੋਧ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸਾਬਕਾ ਫ਼ੌਜੀ ਹਨ ਅਤੇ ਉਨ੍ਹਾਂ ਨੇ ਭਾਰਤੀ ਫ਼ੌਜ ਵਿੱਚ ਸੇਵਾ ਨਿਭਾਈ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਆਉਂਦੇ ਹਨ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਇਹ ਬਿਆਨ ਵੀ ਦਿੱਤਾ ਗਿਆ ਹੈ ਕਿ ਉਸ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ। ਇਸੇ ਕਰਕੇ ਗ੍ਰਹਿ ਮੰਤਰੀ ਦਾ ਵਿਰੋਧ ਕਰਨਾ ਉਨ੍ਹਾਂ ਨੂੰ ਠੀਕ ਨਹੀਂ ਲੱਗਦਾ।
ਭੀਮ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਉਹ ਕਿਸੇ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਦੇ ਤਾਂ ਉਨ੍ਹਾਂ ਦੀ ਨੂੰਹ ਅਤੇ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਮੀਟਿੰਗ ਵਿੱਚ ਬੈਠੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਆਪਣੇ ਪੁੱਤ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਸੀ.ਬੀ.ਆਈ. ਦੀ ਜਾਂਚ ਦੀ ਮੰਗ ਕਰਨਗੇ।