ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਤੁਰੰਤ ਮਿਲੇ ਮੁਆਵਜ਼ਾ : ਕੁਲਵੰਤ ਰਾਏ ਸਿੰਗਲਾ
ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ
Publish Date: Sun, 05 Apr 2026 06:27 PM (IST)
Updated Date: Mon, 06 Apr 2026 04:07 AM (IST)

-ਕਿਹਾ, ਕੁਦਰਤੀ ਆਫ਼ਤ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਸੂਬੇ ਵਿਚ ਹਾਲ ਹੀ ਵਿੱਚ ਪਏ ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ। ਇਹ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕੀਤਾ। ਪੰਜਾਬ ਸਰਕਾਰ ਕੋਲੋਂ ਉਨ੍ਹਾਂ ਮੰਗ ਕੀਤੀ ਹੈ ਕਿ ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫ਼ੇਰ ਦਿੱਤਾ ਹੈ ਤੇ ਸਰਕਾਰ ਨੂੰ ਸੰਵੇਦਨਸ਼ੀਲ ਹੋ ਕੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਕਈ ਖੇਤਰਾਂ ਵਿੱਚ ਕਣਕ ਦੀ ਪੱਕੀ ਫ਼ਸਲ ਮੀਂਹ ਅਤੇ ਗੜ੍ਹੇਮਾਰੀ ਨਾਲ ਵਿਛ ਗਈ ਹੈ। ਰਿਪੋਰਟਾਂ ਮੁਤਾਬਕ ਹਜ਼ਾਰਾਂ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਕਈ ਥਾਵਾਂ ‘ਤੇ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਕੱਟੀ ਦਾ ਸੀ ਅਤੇ ਕਿਸਾਨ ਆਪਣੀ ਸਾਲ ਭਰ ਦੀ ਮਿਹਨਤ ਦਾ ਫ਼ਲ ਲੈਣ ਦੀ ਉਮੀਦ ਕਰ ਰਹੇ ਸਨ, ਪਰ ਅਚਾਨਕ ਆਏ ਮੌਸਮੀ ਬਦਲਾਅ ਨੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰ ਦਿੱਤਾ ਹੈ। ਸਿੰਗਲਾ ਨੇ ਕਿਹਾ ਕਿ ਪਹਿਲਾਂ ਵੀ ਕਿਸਾਨਾਂ ਨੂੰ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨ ਹੋਇਆ ਸੀ। ਪਰ ਅਜੇ ਤੱਕ ਉਨ੍ਹਾਂ ਨੂੰ ਪੂਰ੍ਹਾ ਮੁਆਵਜ਼ਾ ਨਹੀਂ ਮਿਲਿਆ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁਆਵਜ਼ੇ ਦੀ ਰਕਮ ਹਕੀਕਤੀ ਨੁਕਸਾਨ ਦੇ ਅਨੁਸਾਰ ਹੋਵੇ ਤਾਂ ਜੋ ਕਿਸਾਨ ਆਪਣੀ ਆਰਥਿਕ ਹਾਲਤ ਨੂੰ ਸੰਭਾਲ ਸਕਣ। ਸਿੰਗਲਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਅਤੇ ਜੇਕਰ ਕਿਸਾਨ ਆਰਥਿਕ ਤੌਰ ‘ਤੇ ਮਜ਼ਬੂਤ ਨਹੀਂ ਹੋਵੇਗਾ ਤਾਂ ਦੇਸ਼ ਦੀ ਅਰਥਵਿਵਸਥਾ ਵੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਹੈ ਕਿ 2027 ਵਿੱਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਜਦਕਿ ਭਾਜਪਾ ਅਤੇ ਅਕਾਲੀ ਦਲ ਦੇ ਪੱਲੇ ਪੰਜਾਬ ਲਈ ਕੋਈ ਢੁੱਕਵਾਂ ਵਿਕਲਪ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਮੁੜ ਕਾਂਗਰਸ ਸਰਕਾਰ ਦੇ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਨ ਲੱਗ ਪਏ ਹਨ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੇ ਕਈ ਵਾਅਦੇ ਸੁਣੇ, ਪਰ ਜਮੀਨੀ ਹਕੀਕਤ ਵਿੱਚ ਉਨ੍ਹਾਂ ਦੀ ਪੂਰੀ ਤਰ੍ਹਾਂ ਤਾਮੀਲ ਨਹੀਂ ਹੋਈ। “ਲੋਕਾਂ ਨੂੰ ਰੋਜ਼ਗਾਰ, ਸੁਰੱਖਿਆ, ਸਿਹਤ ਅਤੇ ਸਿੱਖਿਆ ਵਰਗੇ ਮੁੱਢਲੇ ਮਸਲਿਆਂ ’ਤੇ ਠੋਸ ਨਤੀਜੇ ਚਾਹੀਦੇ ਹਨ। ਜਿੱਥੇ ਨਤੀਜੇ ਨਹੀਂ ਆਉਂਦੇ, ਉੱਥੇ ਨਿਰਾਸ਼ਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹੀ ਨਿਰਾਸ਼ਾ ਅੱਜ ਸੂਬੇ ਭਰ ਵਿੱਚ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਇਸਦਾ ਲਾਭ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨੂੰ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੜਕਾਂ, ਸਿਹਤ ਸੇਵਾਵਾਂ, ਸਿੱਖਿਆ ਸੰਸਥਾਵਾਂ, ਕਿਸਾਨੀ ਸੁਵਿਧਾਵਾਂ ਅਤੇ ਸਨਅਤੀ ਵਿਕਾਸ ਵੱਲ ਧਿਆਨ ਦਿੱਤਾ ਸੀ। “ਪੰਜਾਬ ਦੇ ਲੋਕਾਂ ਨੂੰ ਯਾਦ ਹੈ ਕਿ ਕਾਂਗਰਸ ਦੇ ਸਮੇਂ ਵਿੱਚ ਕਿੰਨੇ ਹਸਪਤਾਲ ਅਪਗ੍ਰੇਡ ਹੋਏ, ਕਿੰਨੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਸੁਧਰਿਆ ਅਤੇ ਕਿਸਾਨਾਂ ਲਈ ਕਿਹੜੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕ ਅੱਜ ਵਿਕਾਸ ਦੇ ਇਨ੍ਹਾਂ ਕੰਮਾਂ ਨਾਲ ਤੁਲਨਾ ਕਰ ਰਹੇ ਹਨ ਅਤੇ ਨਤੀਜਾ ਜਨਤਾ ਦੇ ਸਾਹਮਣੇ ਆ ਰਿਹਾ ਹੈ। ਮੌਜੂਦਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਕਈ ਵਾਅਦੇ ਅਜੇ ਵੀ ਕਾਗਜ਼ਾਂ ਤੱਕ ਸੀਮਿਤ ਹਨ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ ਅਤੇ ਕਿਸਾਨੀ ਸੰਕਟ ਵਰਗੇ ਮੁੱਦੇ ਅਜੇ ਵੀ ਜਿਉਂ ਦੇ ਤਿਉਂ ਹਨ। “ਜਦੋਂ ਸਰਕਾਰ ਵੱਡੇ ਦਾਅਵੇ ਕਰਦੀ ਹੈ ਪਰ ਜਮੀਨ ’ਤੇ ਕੁਝ ਨਹੀਂ ਦਿਸਦਾ, ਤਾਂ ਲੋਕਾਂ ਦਾ ਭਰੋਸਾ ਟੁੱਟਦਾ ਹੈ। ਭਾਜਪਾ ਅਤੇ ਅਕਾਲੀ ਦਲ ਬਾਰੇ ਪੁੱਛੇ ਸਵਾਲ ’ਤੇ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਦੀ ਰਾਜਨੀਤੀ ਵਿੱਚ ਆਪਣੀ ਪਕੜ ਗੁਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਅਜੇ ਵੀ ਮਜ਼ਬੂਤ ਜੜ੍ਹਾਂ ਨਹੀਂ ਹਨ, ਜਦਕਿ ਅਕਾਲੀ ਦਲ ਆਪਣੇ ਅੰਦਰੂਨੀ ਵਿਵਾਦਾਂ ਅਤੇ ਪਿਛਲੇ ਦੌਰ ਦੀਆਂ ਨੀਤੀਆਂ ਕਾਰਨ ਲੋਕਾਂ ਦਾ ਭਰੋਸਾ ਹਾਸਲ ਕਰਨ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੇ ਸਮੇਂ ਵਿੱਚ ਜ਼ਮੀਨੀ ਪੱਧਰ ’ਤੇ ਆਪਣਾ ਸੰਗਠਨ ਹੋਰ ਮਜ਼ਬੂਤ ਕਰੇਗੀ। ਪਾਰਟੀ ਵਰਕਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਕਿਹਾ ਜਾਵੇਗਾ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਧਿਆਨ ਸਿਰਫ਼ ਚੋਣਾਂ ਜਿੱਤਣ ’ਤੇ ਨਹੀਂ, ਸਗੋਂ ਸੂਬੇ ਦੀ ਲੰਬੇ ਸਮੇਂ ਦੀ ਤਰੱਕੀ ’ਤੇ ਹੈ। ਕਿਸਾਨੀ ਨੂੰ ਮੁੜ ਲਾਭਕਾਰੀ ਬਣਾਉਣ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪਾਰਟੀ ਵੱਲੋਂ ਵਿਸਥਾਰਪੂਰਕ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਹ ਯੋਜਨਾਵਾਂ ਹੀ 2027 ਵਿੱਚ ਕਾਂਗਰਸ ਦੀ ਜਿੱਤ ਦਾ ਆਧਾਰ ਬਣਨਗੀਆਂ। ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸਿਰਫ਼ ਨਾਰਿਆਂ ਨਾਲ ਹੱਲ ਨਹੀਂ ਹੋ ਸਕਦੀ। ਲੋੜ ਹੈ ਸਖ਼ਤ ਕਾਰਵਾਈ, ਪੁਨਰਵਾਸ ਕੇਂਦਰਾਂ ਦੀ ਮਜ਼ਬੂਤੀ ਅਤੇ ਨੌਜਵਾਨਾਂ ਨੂੰ ਵਿਕਲਪਕ ਮੌਕੇ ਮੁਹੱਈਆ ਕਰਵਾਉਣ ਦੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਬਣਨ ’ਤੇ ਇਸ ਦਿਸ਼ਾ ਵਿੱਚ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।